
ਮੋਹਾਲੀ, 7 ਨਵੰਬਰ (ਹਿੰ. ਸ.)। ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਟੀਮਾਂ ਨੇ ਜ਼ਿਲ੍ਹੇ ਦੇ ਉੱਚ-ਜੋਖਮ ਖੇਤਰਾਂ ਵਿਚ ਜਾ ਕੇ ਕੰਟੇਨਰ ਸਰਵੇ ਕੀਤਾ। ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਟੀਮਾਂ ਨੇ ਸ਼ਾਹੀਮਾਜਰਾ ਪਿੰਡ ਦਾ ਦੌਰਾ ਕੀਤਾ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਡੇਂਗੂ ਬੁਖ਼ਾਰ ਦੇ ਮਾਮਲੇ ਵਿਚ ਜ਼ਿਲ੍ਹੇ ਵਿਚ ਸਥਿਤੀ ਫ਼ਿਲਹਾਲ ਪੂਰੀ ਤਰ੍ਹਾਂ ਕਾਬੂ ਹੇਠ ਹੈ ਕਿਉਂਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਡੇਂਗੂ ਦੇ ਬਹੁਤ ਘੱਟ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਇਸ ਸਾਲ ਮਾਰਚ ਮਹੀਨੇ ਤੋਂ ਹੀ ਡੇਂਗੂ ਰੋਕਥਾਮ ਲਈ ਜਾਂਚ ਤੇ ਜਾਗਰੂਕਤਾ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਨਤੀਜੇ ਵਜੋਂ ਸਥਿਤੀ ਪੂਰੀ ਤਰ੍ਹਾਂ ਕੰੰਟਰੋਲ ਹੇਠ ਹੈ। ਉਨ੍ਹਾਂ ਦਸਿਆ ਕਿ ਭਾਵੇਂ ਡੇਂਗੂ ਬੁਖ਼ਾਰ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਜੁਲਾਈ ਤੋਂ ਨਵੰਬਰ ਅਖ਼ੀਰ ਤਕ ਡੇਂਗੂ ਬੁਖ਼ਾਰ ਪ੍ਰਤੀ ਵਧੇਰੇ ਸਾਵਧਾਨੀਆਂ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਲਈ ਇਹ ਮਹੀਨਾ ਕਾਫ਼ੀ ਅਹਿਮ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਅਤੇ ਡੇਂਗੂ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਜਾਂਚ ਕਰਵਾਉਣ, ਜਿਥੇ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ।
ਇਸੇ ਦੌਰਾਨ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਅਗਵਾਈ ਹੇਠ ਸਿਹਤ ਟੀਮਾਂ ਨੇ ਜਾਂਚ ਕੀਤੀ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ ਅਤੇ ਅਪੀਲ ਕੀਤੀ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਨਿਰੀਖਣ ਟੀਮਾਂ ਵਿਚ ਨਰਸਿੰਗ ਕਾਲਜਾਂ ਦੇ ਵਿਦਿਆਰਥੀ ਵੀ ਸ਼ਾਮਲ ਹੋਏ।
ਜ਼ਿਕਰਯੋਗ ਹੈ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ