
ਜਲੰਧਰ , 7 ਨਵੰਬਰ (ਹਿੰ.ਸ.)|
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਖਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ 1793 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼, ਜ਼ਿਲ੍ਹਾ ਮੰਡੀ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ 97 ਫੀਸਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ, ਪਰ 100 ਫੀਸਦੀ ਲਿਫ਼ਟਿੰਗ ਯਕੀਨੀ ਬਣਾਉਣ ਲਈ ਹੋਰ ਤੇਜ਼ੀ ਦਿਖਾਈ ਜਾਵੇ।ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ ਮੰਡੀਆਂ ਵਿੱਚ ਦੌਰੇ ਜਾਰੀ ਰੱਖੇ ਜਾਣ, ਤਾਂ ਜੋ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਇਸ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਏ ਜਾਂਦੇ ਖੇਤੀ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਮਸ਼ੀਨਰੀ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7,63,515 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 7,62,153 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 2,55,782 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਇਸੇ ਤਰ੍ਹਾਂ ਮਾਰਕਫੈੱਡ ਵਲੋਂ 2,21,164 ਮੀਟ੍ਰਿਕ ਟਨ, ਪਨਸਪ ਵਲੋਂ 2,01,301 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 80030 ਮੀਟ੍ਰਿਕ ਟਨ, ਐਫ.ਸੀ.ਆਈ. ਵਲੋਂ 3389 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 487 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਉਪਜ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
----------
---------------
ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ