
ਅੰਮ੍ਰਿਤਸਰ, 8 ਨਵੰਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੌਰਾਨ ਸ਼ਨੀਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਵੱਖ ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗੁਰਮਤਿ ਸੰਗੀਤ, ਢਾਡੀ, ਕਵੀਸ਼ਰੀ, ਕਵਿਤਾ ਤੇ ਭਾਸ਼ਣ ਰਾਹੀਂ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਦੀ ਸਿਫਤ ਸਾਲਾਹ ਕੀਤੀ ਗਈ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੀ ਅਗਵਾਈ ਹੇਠ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਪ੍ਰਦਰਸ਼ਨੀ ਵੀ ਲਗਾਈ ਗਈ ਜੋਂ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਵੀ ਚਿੱਤਰ ਪ੍ਰਦਰਸ਼ਨੀ ਤੇ ਧਾਰਮਿਕ ਪੁਸਤਕਾਂ ਦੇ ਸਟਾਲ ਲਗਾਏ ਗਏ ਸਨ। ਸਮਾਗਮ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਦਵਿੰਦਰ ਕੌਰ ਕਾਲਰਾ ਨੇ ਵੀ ਬੱਚਿਆਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਬਲਜੀਤ ਸਿੰਘ ਜਲਾਲਉਸਮਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦਾ ਮਕਸਦ ਇਸ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਨੂੰ ਘਰ ਘਰ ਤੱਕ ਪਹੁੰਚਾਉਣਾ ਹੈ। ਇਸੇ ਲੜ੍ਹੀ ਤਹਿਤ ਨੌਵੇਂ ਪਾਤਸ਼ਾਹ ਜੀ ਨਾਲ ਸਬੰਧਤ ਪਾਵਨ ਅਸਥਾਨ ਤੇ ਦੋ ਦਿਨਾਂ ਸਮਾਗਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 9 ਨਵੰਬਰ ਨੂੰ ਸ਼ਤਾਬਦੀ ਨੂੰ ਸਮਰਪਿਤ ਬਾਬਾ ਬਕਾਲਾ ਸਾਹਿਬ ਵਿਖੇ ਮੁੱਖ ਸਮਾਗਮ ਹੋਵੇਗਾ, ਜਿਸ ਵਿੱਚ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੰਘ ਸਾਹਿਬਾਨ ਤੇ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਹਾਜ਼ਰੀ ਭਰਨਗੀਆ, ਉਥੇ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਗੁਰ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਨੂੰ ਸਮਰਪਿਤ ਹੋ ਰਹੇ ਗੁਰਮਤਿ ਸਮਾਗਮ ਸਮੇਂ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ