ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਲਈ ਰਵਾਨਾ
ਅੰਮ੍ਰਿਤਸਰ, 8 ਨਵੰਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਤੋ
.


ਅੰਮ੍ਰਿਤਸਰ, 8 ਨਵੰਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਗੁਰਦਾਸਪੁਰ ਲਈ ਰਵਾਨਾ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਰਹੀਆਂ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੈਕਾਰਿਆਂ, ਨਗਾਰਿਆਂ ਦੀ ਗੂੰਜ ’ਚ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ’ਚ ਸੁਸ਼ੋਭਿਤ ਕੀਤਾ। ਇਸ ਮੌਕੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਵੀ ਦਿੱਤਾ ਗਿਆ।

ਰਵਾਨਗੀ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਇਸ ਨਗਰ ਕੀਰਤਨ ਦਾ ਜਿਥੇ ਸਿੱਖ ਧਰਮ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ, ਉਥੇ ਹੀ ਹੋਰ ਵੱਖ-ਵੱਖ ਧਰਮਾਂ ਦੇ ਲੋਕਾਂ ਵੱਲੋਂ ਵੀ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਨੇ ਦੂਜਿਆਂ ਦੇ ਧਰਮ ਦੀ ਰੱਖਿਆ ਖਾਤਰ ਆਪਣੀ ਸ਼ਹਾਦਤ ਦੇ ਕੇ ਧਾਰਮਿਕ ਅਜ਼ਾਦੀ ਦਿੱਤੀ। ਉਨ੍ਹਾਂ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਮੌਕੇ ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਆਪਣੇ ਨੋਟੀਫਿਕੇਸ਼ਨ ਨੂੰ ਤੁਰੰਤ ਲਾਗੂ ਕਰੇ। ਇਹ ਉਨ੍ਹਾਂ ਦਾ ਗੁਰੂ ਪ੍ਰਤੀ ਸਤਿਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਤੋਂ ਵਧੇਰੇ ਸਮਾਂ ਜੇਲ੍ਹਾਂ ਵਿਚ ਗੁਜ਼ਾਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਹੋਰ ਬੰਦ ਰੱਖਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। ਉਨ੍ਹਾਂ ਕਿਹਾ ਸਰਕਾਰ ਇਸ ਇਤਿਹਾਸਕ ਮੌਕੇ ਤੇ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਫੈਸਲਾ ਕਰੇ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ। ਇਸੇ ਦੌਰਾਨ ਘੰਟਾ ਘਰ ਪਲਾਜ਼ਾ ਵਿਖੇ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਸਲਾਮੀ ਦੇ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande