
ਖੰਨਾ, (ਲੁਧਿਆਣਾ), 8 ਨਵੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਬ ਡਵੀਜ਼ਨ ਖੰਨਾ ਅੰਦਰ ਪਰਾਲੀ ਸਾੜਨ ਦੀਆਂ ਘਟਵਾਨਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾ ਰਹੀ ਹੈ ਤਾਂ ਜੋ ਸਬ ਡਵੀਜ਼ਨ ਵਿੱਚ ਝੋਨੇ ਦੀ ਪਰਾਲੀ ਸਾੜਨ ਅਤੇ ਫ਼ਸਲੀ ਰਹਿੰਦ-ਖੂੰਹਦ ਦੀਆਂ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਈ ਜਾ ਸਕੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਬ ਡਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ) ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਸ਼ੁੱਕਰਵਾਰ ਨੂੰ ਪਿੰਡ ਪੰਜਰੁੱਖਾ, ਤੁਰਮਰੀ, ਈਸੜੂ, ਨਸਰਾਲੀ, ਬੀਵੀਪੁਰ, ਹੋਲ, ਟੌਂਸਾ ਅਤੇ ਰੋਹਣੋ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਏ.ਡੀ.ਓ ਡਾ. ਹਰਪ੍ਰੀਤ ਕੌਰ, ਥਾਣਾ ਸਦਰ ਖੰਨਾ ਦੇ ਐਸ.ਐਚ.ਓ ਸਤਨਾਮ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਪਿਛਲੇ ਅਤੇ ਮੌਜੂਦਾ ਸਾਲ ਦੌਰਾਨ ਕਿਸਾਨਾਂ ਨੂੰ ਆਧੁਨਿਕ ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਸਮੂਹ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਆਪਣੇ ਖੇਤਾਂ ਵਿੱਚ ਵਾਹ ਕੇ ਜਾਂ ਇਸ ਦੀਆਂ ਗੱਠਾਂ ਬਣਵਾ ਕੇ ਇਸਦੀ ਸੁਚੱਜੀ ਸਾਂਭ ਸੰਭਾਲ ਲਈ ਜਾਗਰੂਕ ਕਰਨ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।ਉਨ੍ਹਾਂ ਸਬ ਡਵੀਜ਼ਨ ਖੰਨਾ ਵਿੱਚ ਤਾਇਨਾਤ ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਆਪਣੇ ਖੇਤਾਂ ਵਿੱਚ ਵਾਹ ਕੇ ਜਾਂ ਇਸ ਦੀਆਂ ਗੱਠਾਂ ਬਣਵਾ ਕੇ ਇਸਦੀ ਸੁਚੱਜੀ ਸਾਂਭ ਸੰਭਾਲ ਲਈ ਜਾਗਰੂਕ ਕਰਨ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ