
ਤਰਨਤਾਰਨ, 9 ਨਵੰਬਰ (ਹਿੰ. ਸ.)। ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕਾਂ ਵਿੱਚ ਭਾਰੀ ਉਤਸ਼ਾਹ ਦੀ ਲਹਿਰ ਦਿਖ ਰਹੀ ਹੈ। ਇਸ ਸਬੰਧ ਵਿੱਚ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਟਾਂਗ ਸ਼ਤਰੀ ਮੁਹੱਲਾ ਵਿਖੇ ਜੋਸ਼ ਭਰੀ ਨੁੱਕੜ ਮੀਟਿੰਗ ਕੀਤੀ ਗਈ। ਇਸ ਮੌਕੇ ਬਰਸਟ ਨੇ ਲੋਕਾਂ ਨਾਲ ਖਾਸ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਦੇ ਲੋਕ ਪੱਖੀ ਕਾਰਜਾਂ ਤੇ ਉਪਲੱਬਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪ੍ਰਤੀ ਤਰਨਤਾਰਨ ਦੇ ਲੋਕਾਂ ਦੇ ਪਿਆਰ ਤੇ ਉਤਸ਼ਾਹ ਤੋਂ ਸਪੱਸ਼ਟ ਹੈ ਕਿ ਤਰਨਤਾਰਨ ਜਿਮਨੀ ਚੋਣ ਵਿੱਚ ਆਪ ਦੀ ਜਿੱਤ ਪੱਕੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ। ਸਿਹਤ, ਸਿੱਖਿਆ, ਰੁਜ਼ਗਾਰ, ਖੇਡਾਂ ਸਮੇਤ ਹਰ ਖੇਤਰ ਵਿੱਚ ਲੋਕਾਂ ਨੂੰ ਬਹਿਤਰ ਸੇਵਾਵਾਂ ਪ੍ਰਦਾਨ ਕੀਤੀ ਜਾ ਰਹੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਅਕਾਲੀ ਦਲ ਅਤੇ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਬਰਸਟ ਨੇ ਕਿਹਾ ਕਿ ਇਹਨਾਂ ਵੱਲੋਂ ਸੱਤਾ ਵਿੱਚ ਰਹਿੰਦੀਆਂ ਤਾਂ ਲੋਕਾਂ ਲਈ ਕੁਝ ਨਹੀਂ ਕੀਤਾ ਗਿਆ, ਸਿਰਫ਼ ਆਪਣੇ ਨਿੱਜੀ ਹਿੱਤਾਂ ਨੂੰ ਹੀ ਪੂਰਾ ਕਰਦੀਆਂ ਰਹੀਆਂ। ਹੁਣ ਜਦੋਂ ਲੋਕ ਇਹਨਾਂ ਦੇ ਅਸਲੀ ਚਿਹਰੇ ਪਹਿਚਾਣ ਚੁੱਕੇ ਹਨ, ਤਾਂ ਇਹ ਮੁੜ ਝੂਠੇ ਵਾਅਦਿਆਂ ਨਾਲ ਮੈਦਾਨ ਵਿੱਚ ਉਤਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਪੰਥ ਦੇ ਨਾਮ ਤੇ ਲੋਕਾਂ ਨੂੰ ਗੁੰਮਰਾਹ ਕਰਦਾ ਆ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਸੱਤਾ ਦਾ ਦੁਰਉਪਯੋਗ ਕਰਕੇ ਆਪਣੇ ਕਾਰੋਬਾਰ ਨੂੰ ਵਧਾਉਣ ਤੇ ਨਿੱਜੀ ਹਿੱਤਾਂ ਨੂੰ ਪੂਰਾ ਕਰਨ ਵੱਲ ਹੀ ਧਿਆਨ ਦਿੱਤਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਹਾਲ ਤੇ ਛੱਡ ਦਿੱਤਾ ਸੀ। ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਗਾਤਾਰ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਪੰਜਾਬ ਦਾ ਕਰੀਬ 8500 ਕਰੋੜ ਰੁਪਏ ਦਾ ਰੂਰਲ ਡਿਵਲਪਮੈਂਟ ਫੰਡ ਰੋਕਿਆ ਹੋਇਆ ਹੈ ਅਤੇ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਲਈ ਕੋਈ ਪੈਸਾ ਜਾਰੀ ਨਹੀਂ ਕੀਤਾ ਗਿਆ। ਇਸਦੇ ਨਾਲ ਹੀ ਭਾਜਪਾ ਪੰਜਾਬ ਯੂਨਿਵਰਸਿਟੀ, ਚੰਡੀਗੜ੍ਹ ਤੇ ਵੀ ਕਬਜ੍ਹਾ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੀ ਹੋਈ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਬਿਹਤਰੀ ਅਤੇ ਸੂਬੇ ਦੇ ਵਿਕਾਸ ਨੂੰ ਹੀ ਤਰਜੀਹ ਦਿੱਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਸਿਰਫ਼ ਤੇ ਸਿਰਫ਼ ਵਿਕਾਸ ਹੈ। ਇਸਦੇ ਤਹਿਤ ਹੀ ਪੰਜਾਬ ਦੇ ਕਰੀਬ 90 ਫੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਨੋਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਰਕਾਰੀ ਨੋਕਰੀਆਂ ਦਿੱਤੀਆਂ ਜਾ ਰਹੀਆਂ ਹਨ। ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦਿੱਤਾ ਜਾ ਰਿਹਾ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ