ਜ਼ਿਲ੍ਹਾ ਚੋਣ ਅਧਿਕਾਰੀ ਤਰਨਤਾਰਨ ਵਲੋਂ ਅਧਿਕਾਰੀਆਂ ਨਾਲ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਤਰਨਤਾਰਨ, 9 ਨਵੰਬਰ (ਹਿੰ. ਸ.)। ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ 11 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ
ਜ਼ਿਲ੍ਹਾ ਚੋਣ ਅਧਿਕਾਰੀ ਤਰਨਤਾਰਨ ਅਧਿਕਾਰੀਆਂ ਨਾਲ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦੇ ਹੋਏ।


ਤਰਨਤਾਰਨ, 9 ਨਵੰਬਰ (ਹਿੰ. ਸ.)। ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ 11 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਨੇ ਦੱਸਿਆ ਕਿ ਚੋਣ ਤੋਂ ਪਹਿਲਾਂ ਦੇ 72 ਘੰੰਟੇ, 48 ਘੰਟੇ ਅਤੇ 24 ਘੰਟੇ ਦੌਰਾਨ ਮਾਣਯੋਗ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਮਿਤੀ 9 ਨਵੰਬਰ ਨੂੰ ਸ਼ਾਮ 5 ਪੰਜ ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਇਸ ਤੋਂ ਬਾਅਦ ਕੋਈ ਵੀ ਚੋਣ ਜਲਸਾ, ਮੀਟਿੰਗ ਆਦਿ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਉਮੀਦਵਾਰ ਕੇਵਲ ਡੋਰ ਟੂ ਡੋਰ ਪ੍ਰਚਾਰ ਹੀ ਕਰ ਸਕਦੇ ਹਨ ਅਤੇ ਇਸ ਦੌਰਾਨ ਵੀ ਉਨ੍ਹਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ 10 ਅਤੇ 11 ਨਵੰਬਰ ਦੀਆਂ ਅਖ਼ਬਾਰਾਂ ਵਿੱਚ ਕੋਈ ਵੀ ਚੋਣ ਇਸ਼ਤਿਹਾਰ ਦੇਣ ਤੋਂ ਪਹਿਲਾਂ ਜ਼ਿਲ੍ਹਾ ਪੱਧਰ `ਤੇ ਗਠਿਤ ਮੀਡੀਆ ਸਰਟੀਫਿਕੇਸ਼ਨ ਐਂਡ ਸਰਟੀਫਿਕੇਸ਼ਨ ਕਮੇਟੀ (ਐੱਮ.ਸੀ.ਐੱਮ.ਸੀ.) ਤੋਂ ਪ੍ਰੀ-ਸਰਟੀਫਾਈ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ 11 ਨਵੰਬਰ ਨੂੰ ਵੋਟਾਂ ਪੈਣ ਦਾ ਅਮਲ ਖਤਮ ਹੋਣ ਤੋਂ ਪਹਿਲਾਂ ਮੀਡੀਆ ਵਿੱਚ ਕਿਸੇ ਤਰਾਂ ਦੇ ਓਪੀਨੀਅਨ ਪੋਲ, ਸਰਵੇ ਆਦਿ ਉੱਪਰ ਪੂਰਨ ਪਾਬੰਦੀ ਹੋਵੇਗੀ।

ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਨੇ ਕਿਹਾ ਕਿ 021-ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕੌਮਾਂਤਰੀ ਸਰਹੱਦ ਨਾਲ ਲੱਗਦੇ ਜ਼ਿਲ੍ਹਾ ਤਰਨਤਾਰਨ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੀ ਮਸ਼ੀਨਰੀ ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਤਾਇਨਾਤੀ ਯੋਜਨਾ ਅਨੁਸਾਰ 222 ਪੋਲਿੰਗ ਸਟੇਸ਼ਨਾਂ ਨੂੰ ਕਵਰ ਕਰਦੇ ਹੋਏ, ਸਾਰੇ 114 ਪੋਲਿੰਗ ਸਟੇਸ਼ਨ ਸਥਾਨਾਂ ਉੱਤੇ ਕੇਂਦਰੀ ਬਲਾਂ ਦੇ ਜਵਾਨ ਤਾਇਨਾਤ ਰਹਿਣਗੇ। ਕੇਂਦਰੀ ਬਲਾਂ ਤੋਂ ਇਲਾਵਾ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਸੀਸੀਟੀਵੀ ਕੈਮਰੇ ਅਤੇ ਵੈਬਕਾਸਟਿੰਗ ਦੀ ਵਿਵਸਥਾ ਹੋਵੇਗੀ, ਜਿਨ੍ਹਾਂ ਦੀ ਨਿਗਰਾਨੀ ਜ਼ਿਲ੍ਹਾ ਚੋਣ ਅਧਿਕਾਰੀ, ਰੀਟਰਨਿੰਗ ਅਧਿਕਾਰੀ ਅਤੇ ਮੁੱਖ ਚੋਣ ਅਧਿਕਾਰੀ ਪੱਧਰ `ਤੇ ਚੋਣ ਕਮਿਸ਼ਨ ਦੀ ਦੇਖਰੇਖ ਹੇਠ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਸਥਾਨਾਂ ਨੂੰ 46 ਮਾਈਕ੍ਰੋ ਅਬਜ਼ਰਵਰ ਵੀ ਲਗਾਏ ਗਏ ਹਨ। ਉਨ੍ਹਾਂ ਐੱਸ.ਐੱਸ.ਟੀ. ਅਤੇ ਐੱਸ.ਐੱਫ਼.ਟੀ. ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਹੁਣ ਵੀ ਚੌਕਸੀ ਵਰਤਣ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਚੋਣ ਮਸ਼ੀਨਰੀ ਵੱਲੋਂ ਕਾਨੂੰਨ ਅਤੇ ਵਿਵਸਥਾ ਦੀ ਕਿਸੇ ਵੀ ਉਲੰਘਣਾ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਨੇ ਦੱਸਿਆ ਕਿ ਸਾਰੇ 222 ਪੋਲਿੰਗ ਸਟੇਸ਼ਨਾਂ ‘ਤੇ ਲਾਜ਼ਮੀ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ ਵਿਖੇ ਈ.ਵੀ.ਐੱਮ. ਦਾ ਸਟਰਾਂਗ ਰੂਮ ਬਣਾਇਆ ਗਿਆ ਹੈ ਅਤੇ ਭਲਕੇ 10 ਨਵੰਬਰ ਨੂੰ ਬਾਅਦ ਦੁਪਹਿਰ ਇੱਥੋਂ ਹੀ ਸਾਰੀਆਂ ਪੋਲਿੰਗ ਪਾਰਟੀਆਂ ਰਵਾਨਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵੋਟਾਂ ਪੈਣ ਤੋਂ ਬਾਅਦ ਸਾਰੀਆਂ ਈ.ਵੀ.ਐੱਮ. ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਜਾਣਗੀਆਂ ਅਤੇ 14 ਨਵੰਬਰ ਨੂੰ ਏਥੇ ਹੀ ਵੋਟਾਂ ਦੀ ਗਿਣਤੀ ਹੋਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 11 ਨਵੰਬਰ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਹੋਣ ਵਾਲੀ ਵੋਟਿੰਗ ਦੌਰਾਨ ਨਿਡਰਤਾ ਨਾਲ ਅੱਗੇ ਆ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande