
ਚੰਡੀਗੜ੍ਹ, 9 ਨਵੰਬਰ (ਹਿੰ. ਸ.)। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।ਇਸ ਦੌਰਾਨ ਬੈਂਸ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਰਬ ਧਰਮ ਸੰਮੇਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਹ ਸੰਮੇਲਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਧਰਮ (ਹੱਕ-ਸੱਚ) ਦੀ ਰਾਖੀ ਲਈ ਸ਼ਹਾਦਤ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਵਿਰਾਸਤ ਨੂੰ ਪੂਰਨ ਸ਼ਰਧਾ ਅਤੇ ਸੱਚੇ ਦਿਲੋਂ ਸਿਜਦਾ ਕਰਨ ਲਈ ਇਸ ਸਮਾਗਮ ਵਿੱਚ ਵੱਖ ਵੱਖ ਧਾਰਮਿਕ ਤੇ ਅਧਿਆਤਮਿਕ ਸ਼ਖਸੀਅਤਾਂ ਦੀ ਸ਼ਮੂਲੀਅਤ ਅਤਿ ਜ਼ਰੂਰੀ ਹੈ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਅਤੇ ਸਦੀਵੀਂ ਵਿਰਾਸਤ ਨੂੰ ਸਿਜਦਾ ਕਰਦਿਆਂ ਨਿਮਰਤਾ ਨਾਲ ਪੰਜਾਬ ਸਰਕਾਰ ਦੇ ਸੱਦੇ ਨੂੰ ਸਵੀਕਾਰ ਕੀਤਾ।
--------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ