
ਬਠਿੰਡਾ, 10 ਦਸੰਬਰ (ਹਿੰ. ਸ.)। ਸਿਵਲ ਸਰਜਨ ਡਾ ਤਪਿੰਦਰਜੋਤ ਦੀ ਪ੍ਰਧਾਨਗੀ ਵਿੱਚ ਜ਼ਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਕੀਤੀ ਗਈ।
ਇਸ ਮੌਕੇ ਸਿਵਲ ਸਰਜਨ ਡਾ. ਤਪਿੰਦਰਜੋਤ ਵੱਲੋਂ ਬੀ.ਈ.ਈ ਨੂੰ ਵਧੀਆ ਕੰਮ ਕਰਨ ਲਈ ਸਨਮਾਨਿਤ ਕੀਤਾ। ਉਹਨਾਂ ਕਿਹਾ ਕਿ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਵਿੱਚ ਬੀ.ਈ.ਈ ਵਰਗੇ ਮੈਦਾਨੀ ਸਟਾਫ ਦਾ ਅਹਿਮ ਯੋਗਦਾਨ ਹੁੰਦਾ ਹੈ। ਇਨ੍ਹਾਂ ਕਰਮਚਾਰੀਆਂ ਦੀ ਮਿਹਨਤ ਕਰਕੇ ਹੀ ਜਨਤਾ ਤੱਕ ਜਾਗਰੂਕਤਾ ਮੁਹਿੰਮਾਂ, ਨਿਯਮਿਤ ਸਰਵੇ, ਟੀਕਾਕਰਣ ਅਤੇ ਵੱਖ-ਵੱਖ ਰਾਸ਼ਟਰੀ ਸਿਹਤ ਯੋਜਨਾਵਾਂ ਦੇ ਸੁਨੇਹੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਰਹੇ ਹਨ।
ਉਹਨਾਂ ਕਿਹਾ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਅਤੇ ਸੇਵਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਲੋਕ ਇਨ੍ਹਾਂ ਸਕੀਮਾ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਹਨਾਂ ਕਿਹਾ ਕਿ ਜਨਤਕ ਥਾਵਾਂ, ਸਕੂਲਾਂ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਤੇ ਜਨਤਾ ਨੂੰ ਸਿਹਤ ਸੰਭਾਲ, ਸਿਹਤ ਸਕੀਮਾਂ ਅਤੇ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਸਿਹਤ ਸਕੀਮਾਂ ਸਬੰਧੀ ਪ੍ਰਿੰਟਿਗ ਮੈਟੀਰੀਅਲ ਵੀ ਵੰਡਿਆਂ ਜਾਵੇ।
ਜ਼ਿਲ੍ਹੇ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਲੋਕਾਂ ਨੂੰ ਡੇਂਗੂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਸਮੇਂ ਪਿਛਲੇ ਮਹੀਨੇ ਕੀਤੀਆਂ ਆਈ.ਈ.ਸੀ. ਗਤੀਵਿਧੀਆਂ ਸਬੰਧੀ ਅਤੇ ਦਸੰਬਰ ਮਹੀਨੇ ਦੌਰਾਨ ਕਰਨ ਵਾਲੀਆਂ ਗਤੀਵਿਧੀਆਂ ਤੇ ਵਿਚਾਰ ਚਰਚਾ ਕੀਤੀ ਗਈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ