
ਜ਼ੀਰਕਪੁਰ (ਐੱਸ. ਏ. ਐੱਸ. ਨਗਰ), 10 ਦਸੰਬਰ (ਹਿੰ. ਸ.)। ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵੱਲੋਂ ਨਗਰ ਕੌਂਸਲ ਜ਼ੀਰਕਪੁਰ ਦੇ ਅਧੀਨ ਪੈਂਦੇ ਇਲਾਕੇ ਵਿਕਾਸ ਨਗਰ ਬਲਟਾਣਾ ਵਿੱਚ ਲਗਭਗ 21.75 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਲਾਈਨਾਂ ਪਾਉਣ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਕੰਮ ਕਰਦੇ ਸਮੇਂ ਅਚਾਨਕ ਵਾਟਰ ਸਪਲਾਈ ਦੀਆਂ ਲਾਈਨਾਂ ਟੁੱਟ ਗਈਆਂ, ਜਿਸ ਕਾਰਨ ਇਲਾਕੇ ਵਿੱਚ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਗਈ ਸੀ।
ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਬੰਧਤ ਵਿਭਾਗ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮਿਤੀ 9 ਦਸੰਬਰ ਦੀ ਰਾਤ ਕਰੀਬ 2:45 ਵਜੇ ਤੱਕ ਮੁਰੰਮਤ ਦਾ ਕੰਮ ਪੂਰਾ ਕਰਕੇ ਮੇਨ ਲਾਈਨ ਚਾਲੂ ਕਰ ਦਿੱਤੀ ਗਈ, ਜਿਸ ਨਾਲ ਹੁਣ ਪੂਰੇ ਇਲਾਕੇ ਵਿੱਚ ਪਾਣੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਮੌਜੂਦਾ ਸਮੇਂ ਇਲਾਕੇ ਵਿੱਚ ਪਾਣੀ ਦੀ ਕੋਈ ਸਮੱਸਿਆ ਨਹੀਂ ਹੈ।
ਇਸ ਦੇ ਨਾਲ ਹੀ ਠੇਕੇਦਾਰ ਨੂੰ ਕਰੜੀ ਹਦਾਇਤ ਜਾਰੀ ਕੀਤੀ ਗਈ ਹੈ ਕਿ ਅਗਲੇ ਕੰਮ ਦੌਰਾਨ ਕਿਸੇ ਵੀ ਪ੍ਰਕਾਰ ਦਾ ਨੁਕਸਾਨ ਨਾ ਹੋਵੇ ਅਤੇ ਸਾਰਾ ਕੰਮ ਪੂਰੀ ਸਾਵਧਾਨੀ ਨਾਲ ਕੀਤਾ ਜਾਵੇ।
ਵਿਭਾਗ ਨੇ ਇਲਾਕਾ ਨਿਵਾਸੀਆਂ ਨੂੰ ਹੋਈ ਅਸੁਵਿਧਾ ਲਈ ਖੇਦ ਜਤਾਇਆ ਹੈ ਅਤੇ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ