
ਮਾਲੇਰਕੋਟਲਾ, 11 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਚੋਣ ਪ੍ਰਕਿਰਿਆ ਨੂੰ ਸ਼ਾਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ 14 ਦਸੰਬਰ ਜ਼ਿਲੇ ਵਿੱਚ ਬਣੇ ਸਮੂਹ ਪੋਲਿੰਗ ਬੂਥਾਂ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾਂ ਤੇ ਕਿਸੇ ਵੀ ਉਮੀਦਵਾਰ ਜਾਂ ਉਸਦੇ ਸਮਰਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜ਼ਦਕੀ ਸ਼ੋਰ-ਸ਼ਰਾਬਾ, ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ। ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈੱਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਅਧਿਕਾਰੀ/ਕਰਮਚਾਰੀ ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਹੋਰ ਦੱਸਿਆ ਕਿ ਪੋਲਿੰਗ ਬੂਥਾਂ ਦੇ ਘੇਰੇ ਅੰਦਰ ਪ੍ਰਚਾਰ ਨਾਲ ਸਬੰਧਿਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ ਅਤੇ ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈੱਟ ਨਹੀਂ ਲਗਾਏਗਾ। ਉਨ੍ਹਾਂ ਕਿਹਾ ਕਿ ਰਾਜ ਚੋਣ ਕਮਿਸ਼ਨ ਪੰਜਾਬ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਜਾਂ ਗ੍ਰਾਮ ਪੰਚਾਇਤ ਹਲਕੇ ਦੇ ਰਿਟਰਨਿੰਗ ਅਫ਼ਸਰ ਵਲੋਂ ਅਧਿਕਾਰਿਤ ਵਿਅਕਤੀ ਤੋਂ ਇਲਾਵਾ ਕਿਸੇ ਵੀ ਹੋਰ ਵਿਅਕਤੀ ਨੂੰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਲਿਆਉਣ ਤੇ ਮਨਾਹੀ ਹੈ।
ਉਨ੍ਹਾਂ ਕਿਹਾ ਪੋਲਿੰਗ ਬੂਥ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈੱਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ, ਪ੍ਰਚਾਰ ਨਾਲ ਸਬੰਧੀ ਪੋਸਟਰ/ਬੈਨਰ ਲਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਨਾਲ ਅਮਨ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ’ਚ ਵਿਘਨ ਪੈ ਸਕਦਾ ਹੈ। ਚੋਣਾਂ ਦੇ ਕੰਮ ਨੂੰ ਨਿਰਵਿਘਨ, ਸ਼ਾਤੀ ਪੂਰਵਕ ਨੇਪਰੇ ਚਾੜ੍ਹਨ ਲਈ ਤੇ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲੋੜੀਂਦੇ ਉਪਰਾਲੇ ਕੀਤੇ ਗਏ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ