
ਜਲੰਧਰ, 11 ਦਸੰਬਰ (ਹਿੰ. ਸ.)। ਅਮਰੂਤ ਸਕੀਮ ਤਹਿਤ ਸਰਫੇਸ ਵਾਟਰ ਪ੍ਰਾਜੈਕਟ ਨੂੰ ਮੁਕੰਮਲ ਕਰਨ ਵਿੱਚ ਹੋ ਰਹੀ ਦੇਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਬਾਕੀ ਰਹਿੰਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ। ਨਗਰ ਨਿਗਮ, ਵਾਟਰ ਸਪਲਾਈ ਤੇ ਸੀਵਰੇਜ ਬੋਰਡ, ਲੋਕ ਨਿਰਮਾਣ ਵਿਭਾਗ ਅਤੇ ਕਾਰਜਕਾਰੀ ਏਜੰਸੀ ਮੈਸਰਜ਼ ਲਾਰਸੇਨ ਐਂਡ ਟੂਬਰੋ ਲਿਮਟਿਡ ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਾਰੇ ਬਕਾਇਆ ਕੰਮਾਂ ਵਿੱਚ ਤੇਜ਼ੀ ਨਾਲ ਪ੍ਰਗਤੀ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਪ੍ਰਾਜੈਕਟ ਵਿੱਚ ਦੇਰੀ ਲਈ ਨਿਯਮਾਂ ਅਨੁਸਾਰ ਕਾਰਜਕਾਰੀ ਏਜੰਸੀ ‘ਤੇ ਜੁਰਮਾਨਾ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੀਆਂ ਵੀ ਹਦਾਇਤਾਂ ਕੀਤੀਆਂ।
ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਹਿਲ ਦੇ ਅਧਾਰ ’ਤੇ ਕੀਤੇ ਜਾਣ ਵਾਲੇ ਕੰਮਾਂ ਦੀ ਵਿਸਥਾਰਿਤ ਸੂਚੀ ਤਿਆਰ ਕਰਦਿਆਂ ਬਕਾਇਆ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਨਿਸ਼ਚਿਤ ਸਮਾਂ ਸੀਮਾ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਫਿਰ ਜ਼ੋਰ ਦੇ ਕੇ ਕਿਹਾ ਕਿ ਪ੍ਰਾਜੈਕਟ ਅਗਲੇ ਕੁਝ ਮਹੀਨਿਆਂ ਵਿੱਚ ਮੁਕੰਮਲ ਹੋ ਜਾਣਾ ਚਾਹੀਦਾ ਹੈ ਅਤੇ ਇਸ ਵਿੱਚ ਦੇਰੀ ਦੀ ਹੋਰ ਕੋਈ ਸੰਭਾਵਨਾ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਇਹ ਵੀ ਆਦੇਸ਼ ਜਾਰੀ ਕੀਤੇ ਕਿ ਜ਼ਿਲ੍ਹੇ ਵਿੱਚ ਪ੍ਰਾਜੈਕਟ ਨੂੰ ਮੁਕੰਮਲ ਕਰਨ ਸਬੰਧੀ ਸੋਧੀ ਸਮਾਂ ਸਾਰਣੀ ਬਾਰੇ ਲੋਕਾਂ ਦੀ ਜਾਣਕਾਰੀ ਲਈ ਪ੍ਰਮੁੱਖ ਥਾਵਾਂ ’ਤੇ ਬੋਰਡ ਲਗਾਏ ਜਾਣ।
ਡਿਪਟੀ ਕਮਿਸ਼ਨਰ ਨੇ ਸੜਕਾਂ ਦੀ ਮਾੜੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਸਮੇਂ ਵਿੱਚ ਵਾਧਾ ਕਰਨ ਅਤੇ ਲੰਬੇ ਸਮੇਂ ਤੋਂ ਸੜਕਾਂ ਪੁੱਟੀਆਂ ਹੋਣ ਕਰਕੇ ਲੋਕਾਂ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸੰਵੇਦਨਸ਼ੀਲ ਖੇਤਰਾਂ ਵਿੱਚ ਸੜਕਾਂ ਦੀ ਆਮ ਸਥਿਤੀ ਨੂੰ ਪਹਿਲ ਦੇ ਅਧਾਰ ’ਤੇ ਜਲਦ ਤੋਂ ਜਲਦ ਬਹਾਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਡਾ. ਅਗਰਵਾਲ ਨੇ ਤਾੜਨਾ ਕਰਦਿਆਂ ਕਿਹਾ ਕਿ ਨਿਸ਼ਚਿਤ ਸਮੇਂ ਤੋਂ ਬਾਅਦ ਹੋਈ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਤੇ ਏਜੰਸੀਆਂ ਖਿਲਾਫ਼ ਜਾਂਚ ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ