
ਅੰਮ੍ਰਿਤਸਰ, 11 ਦਸੰਬਰ (ਹਿੰ. ਸ.)। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ।
ਇਸ ਮੌਕੇ ਗੱਲ ਕਰਦਿਆਂ ਰਾਜ ਚੌਹਾਨ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼ਾਮਲ ਹੋਣ ਲਈ ਸੱਦਾ ਮਿਲਿਆ ਸੀ, ਪਰੰਤੂ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਹੋਣ ਕਾਰਨ ਉਹ ਉਸ ਸਮੇਂ ਹਾਜ਼ਰ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਉਹ ਅੱਜ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਲਈ ਪੁੱਜੇ ਹਨ। ਉਨ੍ਹਾਂ ਕਿਹਾ ਕਿ ਇਹ ਪਾਵਨ ਅਸਥਾਨ ਸਮੁੱਚੀ ਮਾਨਵਤਾ ਲਈ ਅਧਿਆਤਮਕ ਦਾ ਸੋਮਾਂ ਹੈ, ਜਿਥੋਂ ਮਨੁੱਖਤਾ ਨੂੰ ਆਪਸੀ ਭਾਈਚਾਰੇ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਸੱਦਾ ਪੱਤਰ ਅਤੇ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਵੀ ਕੀਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ