ਏ. ਡੀ. ਸੀ. ਤਰਨਤਾਰਨ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖ਼ਰੀਦਦਾਰੀ ਕਰਨ ਦੀ ਅਪੀਲ
ਤਰਨਤਾਰਨ, 13 ਦਸੰਬਰ (ਹਿੰ. ਸ.)। ਭਾਰਤ ਸਰਕਾਰ ਦੇ ਸੂਖਮ, ਲਘੂ ਅਤੇ ਮੱਧਮ ਉਦਯੋਗ ਮੰਤਰਾਲੇ (ਐੱਮ.ਐੱਸ.ਐੱਮ.ਈ) ਵੱਲੋਂ ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ ਕਰਨ ਲਈ ਉਦਯੋਗ ਵਿਭਾਗ ਦੇ ਸਹਿਯੋਗ ਨਾਲ ਤਰਨ ਤਾਰਨ ਸ਼ਹਿਰ ਵਿਖੇ ਮਿਤੀ 18 ਦਸੰਬਰ ਤੋਂ 20 ਦਸੰਬਰ 2025 ਤੱਕ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ ਲਗਾਇਆ
ਏ. ਡੀ. ਸੀ. ਤਰਨਤਾਰਨ ਅਧਿਕਾਰੀਆ ਨਾਲ ਮੀਟਿੰਗ ਦੌਰਾਨ।


ਤਰਨਤਾਰਨ, 13 ਦਸੰਬਰ (ਹਿੰ. ਸ.)। ਭਾਰਤ ਸਰਕਾਰ ਦੇ ਸੂਖਮ, ਲਘੂ ਅਤੇ ਮੱਧਮ ਉਦਯੋਗ ਮੰਤਰਾਲੇ (ਐੱਮ.ਐੱਸ.ਐੱਮ.ਈ) ਵੱਲੋਂ ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ ਕਰਨ ਲਈ ਉਦਯੋਗ ਵਿਭਾਗ ਦੇ ਸਹਿਯੋਗ ਨਾਲ ਤਰਨ ਤਾਰਨ ਸ਼ਹਿਰ ਵਿਖੇ ਮਿਤੀ 18 ਦਸੰਬਰ ਤੋਂ 20 ਦਸੰਬਰ 2025 ਤੱਕ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਅਤੇ ਹੋਰ ਉੱਦਮੀ ਮਹਿਲਾਵਾਂ ਆਪਣੇ ਸਟਾਲ ਲਗਾ ਕੇ ਆਪਣੇ ਵੱਲੋਂ ਤਿਆਰ ਕੀਤੇ ਉਤਪਾਦਾਂ ਨੂੰ ਵੇਚਣਗੀਆਂ।

ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਜੀਵ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਦਸੰਬਰ ਤੋਂ 20 ਦਸੰਬਰ 2025 ਤੱਕ ਤਿੰਨ ਰੋਜ਼ਾ ਇਹ ਪੰਜਾਬ ਸਖੀ ਸ਼ਕਤੀ ਮੇਲਾ ਤਰਨ ਤਾਰਨ ਦੀ ਦੁਸ਼ਿਹਰਾ ਗਰਾਊਂਡ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਜ਼ਿਲ੍ਹਾ ਤਰਨ ਤਾਰਨ ਦੀ ਮਹਿਲਾਵਾਂ ਜੋ ਸਵੈ-ਸਹਾਇਤਾ ਸਮੂਹਾਂ ਨਾਲ ਜੁੜ ਕੇ ਆਪਣੀ ਉਪਜੀਵਕਾ ਕਮਾ ਰਹੀਆਂ ਹਨ ਵੱਲੋਂ ਆਪਣੇ ਉਤਪਾਦ ਵੇਚੇ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਹੋਰ ਉੱਦਮੀ ਮਹਿਲਾਵਾਂ ਜੋ ਆਪਣੇ ਵੱਖ-ਵੱਖ ਤਰਾਂ ਦੇ ਉਤਪਾਦ ਤਿਆਰ ਕਰ ਰਹੀਆਂ ਹਨ ਉਨ੍ਹਾਂ ਨੂੰ ਵੀ ਏਥੇ ਆਪਣੇ ਉਤਪਾਦ ਵੇਚਣ ਦਾ ਮੌਕਾ ਦਿੱਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਸੰਜੀਵ ਕੁਮਾਰ ਭਾਰਤ ਸਰਕਾਰ ਦੇ ਐੱਮ.ਐੱਸ.ਐੱਮ.ਈ ਮੰਤਰਾਲੇ ਵੱਲੋਂ ਪੇਂਡੂ ਤੇ ਸ਼ਹਿਰੀ ਖੇਤਰ ਦੇ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ ਲਈ ਇਹ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਸਵੈ-ਸਹਾਇਤਾ ਸਮੂਹਾਂ ਨੂੰ ਉਨ੍ਹਾਂ ਵੱਲੋਂ ਤਿਆਰ ਕੀਤੇ ਸਮਾਨ ਨੂੰ ਵੇਚਣ ਲਈ ਪਲੇਟਫ਼ਾਰਮ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਜ਼ਿਲ੍ਹੇ ਵਿੱਚ ਹੁਨਰ ਦੀ ਕੋਈ ਘਾਟ ਨਹੀਂ ਹੈ ਅਤੇ ਜ਼ਿਲ੍ਹੇ ਦੇ ਸਵੈ-ਸਹਾਇਤਾ ਸਮੂਹਾਂ ਵੱਲੋਂ ਆਪਣੇ ਹੱਥੀਂ ਬਣਾਇਆ ਜੋ ਸਮਾਨ ਬਣਾ ਕੇ ਵੇਚਿਆ ਜਾ ਰਿਹਾ ਹੈ ਉਹ ਉੱਚ ਮਿਆਰੀ ਤੇ ਬਜ਼ਾਰ ਦੇ ਮੁਕਾਬਲੇ ਕਿਫ਼ਾਇਤੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਖੀ ਸ਼ਕਤੀ ਮੇਲਾ ਤਿੰਨ ਦਿਨ ਚੱਲੇਗਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਹੈ ਕਿ ਉਹ ਇਸ ਮੇਲੇ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖ਼ਰੀਦਦਾਰੀ ਕਰਨ ਤਾਂ ਜੋ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਸਵਾਣੀਆਂ ਨੂੰ ਲਾਭ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਖੀ ਸ਼ਕਤੀ ਮੇਲੇ ਦੌਰਾਨ ਫੂਡ ਸਟਾਲ ਲੱਗਣਗੇ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਮੇਲੇ ਨੂੰ ਕਾਮਯਾਬ ਕਰਨ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦੇਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande