
ਲੁਧਿਆਣਾ, 13 ਦਸੰਬਰ (ਹਿੰ. ਸ.) । ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਭਿੱਖਿਆ ਨੂੰ ਜੜ੍ਹੋਂ ਮਿਟਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਸਥਾਨਕ ਅਰੋੜਾ ਪੈਲਸ, ਦਾਣਾ ਮੰਡੀ ਅਤੇ ਗਿੱਲ ਚੌਂਕ ਵਿਖੇ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਪ੍ਰੋਜੈਕਟ 'ਜੀਵਨਜੋਤ - ਬਚਪਨ ਬਚਾਓ' ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਜਿਸ ਵਿੱਚ ਪੁਲਿਸ ਪ੍ਰਸ਼ਾਸ਼ਨ ਅਤੇ ਸਿੱਖਿਆ ਵਿਭਾਗ ਦੇ ਮੈਂਬਰ ਸ਼ਾਮਲ ਸਨ, ਵੱਲੋਂ ਸਾਂਝੇ ਤੋਰ 'ਤੇ ਵੱਖ-ਵੱਖ ਇਲਾਕਿਆਂ ਵਿੱਚ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ 'ਤੇ ਠੱਲ ਪਾਈ ਜਾ ਸਕੇ।
ਬਾਲ ਸੁਰੱਖਿਆ ਯੂਨਿਟ ਵੱਲੋਂ ਹੋਰ ਨੇੜਲੇ ਇਲਾਕਿਆਂ ਵਿੱਚ ਦੁਕਾਨਦਾਰਾਂ ਨੂੰ ਛੋਟੇ ਬੱਚਿਆਂ ਨੂੰ ਭੀਖ ਨਾ ਦੇਣ ਸਬੰਧੀ ਅਪੀਲ ਕੀਤੀ ਅਤੇ ਬੱਚਿਆਂ ਨੂੰ ਭੀਖ ਦੇਣ ਦੀ ਬਜਾਏ ਉਨ੍ਹਾਂ ਨੂੰ ਸਿੱਖਿਆ ਨਾਲ ਜੋੜਨ 'ਤੇ ਜੋਰ ਦਿੱਤਾ। ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਸਪੱਸ਼ਟ ਕੀਤਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਤੌਰ 'ਤੇ ਅਪਰਾਧ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿੱਖਿਆ ਤੋਂ ਮੁਕਤ ਕੀਤਾ ਜਾ ਸਕੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ