
ਬਰਨਾਲਾ, 13 ਦਸੰਬਰ (ਹਿੰ. ਸ.)। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 13.12.2025 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ, ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਤਰ੍ਹਾਂ ਦੇ ਪ੍ਰੀ—ਲਿਟੀਗੇਟਿਵ ਅਤੇ ਪੈਂਡਿੰਗ ਕੇਸਾਂ ਦਾ ਸਮਝੌਤਾ ਕਰਕੇ ਨਿਪਟਾਰਾ ਕਰਨ ਲਈ ਕੁੱਲ 8 ਬੈਂਚਾਂ ਦਾ ਗਠਨ ਕੀਤਾ ਗਿਆ।
ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 15285 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਜਿਨ੍ਹਾਂ ਵਿੱਚੋਂ 8664 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 5,92,03,008/- ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਅੰਤ ਵਿੱਚ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਜੀ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਕੇਸਾਂ ਦਾ ਜਲਦੀ ਨਿਪਟਾਰਾ, ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਲੋਕ ਅਦਾਲਤ ਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ਅਤੇ ਫੈਸਲੇ ਅੰਤਿਮ ਹੁੰਦੇ ਹਨ, ਲੋਕ ਅਦਾਲਤ ਦੇ ਫੈਸਲੇ ਆਪਸੀ ਸਮਝੌਤੇ ਨਾਲ ਕਰਵਾਏ ਜਾਂਦੇ ਹਨ ਜਿਸ ਨਾਲ ਧਿਰਾਂ ਅਤੇ ਸਮਾਜ਼ ਵਿੱਚ ਵੱਡੇ ਪੱਧਰ ਦੇ ਸ਼ਾਂਤੀ ਬਹਾਲ ਹੁੰਦੀ ਹੈ, ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ