
ਬਟਾਲਾ, 15 ਦਸੰਬਰ (ਹਿੰ. ਸ.)। ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਦੇ ਮਕਸਦ ਨਾਲ, ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਵਲੋ ਆਈ.ਟੀ.ਆਈ, ਬਟਾਲਾ ਵਿਖੇ ਵਿਦਿਆਰਥੀਆ ਦੀ ਕੈਰੀਅਰ ਕਾਊਸਲਿੰਗ ਕੀਤੀ ਗਈ।
ਉਨਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਉਹ ਕਿਵੇ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਰੋਜ਼ਗਾਰ ਦੇ ਮੌਕਿਆਂ ਦਾ ਲਾਭ ਲੈ ਸਕਦੇ ਹਨ ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਚੱਲ ਰਹੀਆ ਵੱਖ ਵੱਖ ਸਕੀਮਾਂ ਤੋਂ ਜਾਣੂ ਕਰਵਾਇਆ ਅਤੇ ਉਹਨਾਂ ਵਲੋਂ ਪ੍ਰਾਰਥੀਆ ਨੂੰ ਡਿਪਲੋਮਾ ਜਾਂ ਡਿਗਰੀ ਪੂਰੀ ਕਰਨ ਤੋਂ ਬਾਅਦ ਸਬੰਧਤ ਖੇਤਰ ਵਿੱਚ ਨਿਪੁੰਨ ਬਣਨ ਦੇ ਤਰੀਕਿਆ ਅਤੇ ਕੈਰੀਅਰ ਸਬੰਧੀ ਉਹਨਾਂ ਦਾ ਮਾਰਗ ਦਰਸ਼ਨ ਕਰਦੇ ਹੋਏ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।
ਉਨ੍ਹਾਂ ਨੂੰ ਦੱਸਿਆ ਕਿ ਰੋਜਗਾਰ ਅਤੇ ਕਾਰੋਬਾਰ ਬਿਊਰੋ ਸਰਕਾਰੀ ਅਤੇ ਪ੍ਰਾਈਵੇਟ ਖੇਤਰਾਂ ਵਿੱਚ ਨੌਕਰੀਆਂ ਦੀ ਸਹੂਲਤ ਪ੍ਰਦਾਨ ਕਰਦਾ ਹੈ। ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਦੇ ਹੋਏ, ਉਨ੍ਹਾਂ ਨੇ ਕਈ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ, ਪੀ.ਐਮ.ਈ.ਜੀ.ਪੀ ਸਕੀਮ ਅਤੇ ਪੰਜਾਬ ਸਰਕਾਰ ਦੀਆਂ ਹੋਰ ਸਵੈ-ਰੋਜ਼ਗਾਰ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ।
ਉਹਨਾਂ ਵਲੋਂ ਵਿਦਿਆਰਥੀਆਂ ਨੂੰ ਆਪਣੇ ਖੇਤਰ ਨਾਲ ਸਬੰਧਤ ਨੌਕਰੀਆਂ ਲਈ ਤਿਆਰੀ ਕਰਨ, ਇੰਟਰਵਿਊ ਤਕਨੀਕਾਂ ਅਤੇ ਮਾਰਕੀਟ ਦੀਆਂ ਜ਼ਰੂਰਤਾਂ ਅਨੁਸਾਰ ਆਪਣੇ ਹੁਨਰਾਂ ਨੂੰ ਅਪਗ੍ਰੇਡ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਵਿਦਿਆਰਥੀਆਂ ਨੂੰ ਰੋਜਗਾਰ ਮੇਲਿਆ ਵਿੱਚ ਹਿੱਸਾ ਲੈਣ ਅਤੇ ਪੀ.ਜੀ.ਆਰ.ਕਾਮ ਵੈਬਸਾਈਟ ਤੇ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕੀਤੀ, ਤਾਂ ਜੋ ਉਹ ਸਮੇਂ ਸਿਰ ਨੌਕਰੀਆਂ ਅਤੇ ਸਿਖਲਾਈ ਦੇ ਮੌਕਿਆਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।
ਇਸਤੋ ਇਲਾਵਾ ਸਰਕਾਰੀ ਆਈ.ਟੀ.ਆਈ ਦੇ ਪ੍ਰਿੰਸੀਪਲ ਸਤਵੰਤ ਸਿੰਘ ਬੇਦੀ ਵਲੋਂ ਵੀ ਵਿਦਿਆਰਥੀਆ ਨੂੰ ਕੈਰੀਅਰ ਸਬੰਧੀ ਗਾਈਡੈਂਸ ਦਿੱਤੀ ਗਈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ