
ਬਰਨਾਲਾ, 16 ਦਸੰਬਰ (ਹਿੰ. ਸ.)। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਗਿਣਤੀ ਕੇਂਦਰ ਨਿਰਧਾਰਤ ਕਰ ਦਿੱਤੇ ਗਏ ਹਨ। ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਜਿਸ ਲਈ ਸਿਵਲ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਟੀ ਬੈਨਿਥ ਨੇ ਦੱਸਿਆ ਕਿ ਸ਼ਹਿਣਾ ਦੀ ਗਿਣਤੀ ਦਫ਼ਤਰ ਉੱਪ ਮੰਡਲ ਮਜਿਸਟ੍ਰੇਟ ਤਪਾ ਵਿਖੇ ਹੋਵੇਗੀ। ਬਰਨਾਲਾ ਅਤੇ ਮਹਿਲ ਕਲਾਂ ਦਾ ਗਿਣਤੀ ਕੇਂਦਰ ਐੱਸ ਡੀ ਕਾਲਜ ਬਰਨਾਲਾ ਵਿਖੇ ਹੋਵੇਗਾ ।
ਉਹਨਾਂ ਕਿਹਾ ਕਿ ਹਰੇਕ ਰਿਟਰਨਿੰਗ ਅਫ਼ਸਰ ਨੂੰ ਗਿਣਤੀ ਲਈ ਪ੍ਰਤੀ ਟੇਬਲ ਤਿੰਨ ਸਟਾਫ ਮੈਂਬਰ ਦਿੱਤੇ ਗਏ ਹਨ, ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਪਣੇ ਪੱਧਰ ਉੱਤੇ ਲੋੜੀਂਦੀ ਗਿਣਤੀ ਵਿੱਚ ਸਟਾਫ ਨੂੰ ਰਿਜ਼ਰਵ ਵੀ ਰੱਖਿਆ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਜਿਸ ਤਰ੍ਹਾਂ ਵੋਟਿੰਗ ਵਾਲੇ ਦਿਨ ਪੂਰੀ ਚੌਕਸੀ ਰੱਖੀ ਗਈ ਸੀ ਉਸੇ ਤਰ੍ਹਾਂ ਗਿਣਤੀ ਵਾਲੇ ਦਿਨ ਵੀ ਹਰ ਤਰ੍ਹਾਂ ਦੀ ਮੁਸਤੈਦੀ ਵਰਤੀ ਜਾਵੇਗੀ। ਉਹਨਾਂ ਕਿਹਾ ਕਿ ਵੋਟਾਂ ਦੀ ਗਿਣਤੀ ਲਈ ਲੋੜੀਂਦੀ ਗਿਣਤੀ ਵਿੱਚ ਅਧਿਕਾਰੀ ਅਤੇ ਮੁਲਾਜ਼ਮ ਲਗਾਏ ਗਏ ਹਨ।
ਡਿਪਟੀ ਕਮਿਸ਼ਨਰ ਟੀ ਬੈਨਿਥ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਫ਼ਰਾਜ਼ ਆਲਮ ਨੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ। ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ