
ਲੁਧਿਆਣਾ, 17 ਦਸੰਬਰ (ਹਿੰ. ਸ.)। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ''ਯੂਥ ਅਗੇਂਸਟ ਡਰੱਗਜ'' ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਸਕੂਲਾਂ ਵਿੱਚ ਪ੍ਰਸਿੱਧ ਕਲਾਕਾਰਾਂ ਵੱਲੋਂ ਬਣਾਈਆਂ ਗਈਆਂ ਵੀਡਿਓਜ਼ ਦੀ ਸਕਰੀਨਿੰਗ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਨ੍ਹਾਂ ਸਕੂਲਾਂ ਵਿੱਚ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਪਾਇਲ ਅਤੇ ਜਗਰਾਓਂ ਵੀ ਸ਼ਾਮਲ ਸਨ।
ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਂ ਦੇ ਵੱਖ-ਵੱਖ ਸਕੂਲਾਂ ਜਿਸ ਵਿੱਚ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਪਾਇਲ ਅਤੇ ਜਗਰਾਓਂ ਵਿਖੇ ਪੈਨਲ ਐਡਵੋਕੇਟਾਂ, ਪੈਰਾ ਲੀਗਲ ਵਲੰਟੀਅਰਾਂ ਦੁਆਰਾ ਜਾ ਕੇ ਪ੍ਰਸਿੱਧ ਕਲਾਕਾਰਾਂ ਵੱਲੋਂ ਬਣਾਈਆਂ ਗਈਆਂ ਵੀਡਿਓਜ਼ ਦੀ ਸਕਰੀਨਿੰਗ ਕੀਤੀ ਗਈ, ਜਿਸ ਰਾਹੀਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਸਕੂਲਾਂ/ਕਾਲਜ਼ਾਂ ਵਿੱਚ ਜਾ ਕੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਕੂਲਾਂ ਕਾਲਜ਼ਾਂ ਵਿੱਚ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ ਤੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਇਆ ਜਾ ਸਕੇ। ਸਕੱਤਰ ਸੱਭਰਵਾਲ ਨੇ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਕਾਲਜ਼ਾਂ ਦੇ ਵਿਦਿਆਰਥੀ ਆਪਣੇ ਸਾਥੀਆਂ ਨੂੰ ਪ੍ਰੇਰਿਤ ਕਰਕੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਕੇ ਦੇਸ਼ ਦੇ ਭਵਿੱਖ ਨੂੰ ਬਚਾ ਸਕਦੇ ਹਨ। ਉਨ੍ਹਾਂ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੁਹਰਾਇਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ''ਨਸ਼ਿਆਂ ਵਿਰੁੱਧ ਨੌਜਵਾਨ'' ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਜਾ ਚੁੱਕਾ ਹੈ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।
------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ