
ਚੰਡੀਗੜ੍ਹ, 18 ਦਸੰਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਲਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਪ ਪਾਰਟੀ ਦੇ ਉਮੀਦਵਾਰ ਦੀ ਜਿੱਤ 'ਤੇ ਪੰਜਾਬ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦਾ ਰੌਲਾ-ਰੱਪਾ ਬੇਬੁਨਿਆਦ ਹੈ ਕਿਉਂਕਿ ਚੋਣਾਂ ਦੇ ਨਤੀਜੇ ਦਰਸਾਉਂਦੇ ਹਨ ਕਿ ਸਾਰੀ ਪ੍ਰਕਿਰਿਆ ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਧੂਰੀ ਵਿੱਚ 9 ਵੋਟਾਂ ਨਾਲ, ਝੁਨੀਰ ਵਿੱਚ 30 ਵੋਟਾਂ ਨਾਲ, ਭਰਤਗੜ੍ਹ ਵਿੱਚ 40 ਵੋਟਾਂ ਨਾਲ ਜਿੱਤੀ, ਇੱਥੋਂ ਤੱਕ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜਿਨ੍ਹਾਂ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਆਪਣੇ ਸ਼ਬਦ ਜਾਲ ਨਾਲ ਭਰਮਾਇਆ, ਦੀ ਨੁਮਾਇੰਦਗੀ ਵਾਲੇ ਖੇਤਰ ਵਿੱਚ ਵੀ ਕਾਂਗਰਸ ਬਹੁਤ ਆਰਾਮ ਨਾਲ ਜਿੱਤ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਨੀਵੀਂ ਸੋਚ ਰੱਖਦੀ ਤਾਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਕੋਲ ਕੋਈ ਸੀਟ ਨਹੀਂ ਜਾਣੀ ਸੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ 'ਆਪ' ਨੇ ਬਲਾਕ ਸੰਮਤੀ ਵਿੱਚ 1800 ਤੋਂ ਵੱਧ ਸੀਟਾਂ ਅਤੇ 250 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਪ੍ਰਾਪਤ ਕੀਤੀਆਂ ਹਨ ਜੋ ਕਿ ਕਾਂਗਰਸ ਨਾਲੋਂ ਚਾਰ ਗੁਣਾ, ਅਕਾਲੀ ਦਲ ਨਾਲੋਂ ਪੰਜ ਗੁਣਾ ਅਤੇ ਭਾਜਪਾ ਨਾਲੋਂ 20 ਗੁਣਾ ਵੱਧ ਸੀਟਾਂ ਹਨ। ਉਨ੍ਹਾਂ ਨੇ ਸੂਬੇ ਦੇ ਲੋਕਾਂ ਦਾ ਵਿਰੋਧੀ ਧਿਰ ਦੇ ਝੂਠੇ ਪ੍ਰਚਾਰ ਵਿੱਚ ਨਾ ਆਉਣ ਅਤੇ 'ਆਪ' ਦੀ ਭਲਾਈ ਪ੍ਰਤੀ ਵਚਨਬੱਧਤਾ ਵਿੱਚ ਆਪਣਾ ਵਿਸ਼ਵਾਸ ਜਤਾਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ 'ਆਪ' ਅਤੇ ਉਨ੍ਹਾਂ ਦੀ ਸਰਕਾਰ ਦੁਆਰਾ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰਨਾ ਯਕੀਨੀ ਬਣਾਉਣਗੇ।
ਭਗਵੰਤ ਮਾਨ ਨੇ ਕਿਹਾ ਕਿ ਇਹ ਜਿੱਤ ਉਨ੍ਹਾਂ ਦੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦਾ ਨਤੀਜਾ ਹੈ, ਜਿਸ ਵਿੱਚ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣਾ, ਮੁਫ਼ਤ ਬਿਜਲੀ ਦੇਣਾ, 55,000 ਸਰਕਾਰੀ ਨੌਕਰੀਆਂ ਦੇਣਾ, ਟੋਲ ਪਲਾਜ਼ਾ ਬੰਦ ਕਰਨਾ ਅਤੇ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੀਆਂ ਜਾਨਾਂ ਗੁਆਉਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦਾ ਮਾਣ ਭੱਤਾ ਦੇਣਾ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਵੀ ਪਾਰਟੀ ਥੋੜ੍ਹੇ ਜਿਹੇ ਫਰਕ ਨਾਲ ਹਾਰੀ ਹੈ, ਉੱਥੇ ਕਮੀਆਂ ਦੀ ਸਮੀਖਿਆ ਕਰੇ ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ।
ਭਗਵੰਤ ਸਿੰਘ ਮਾਨ ਨੇ ਇਨ੍ਹਾਂ ਚੋਣਾਂ ਵਿੱਚ ਪਾਰਟੀ ਦੇ ਹੱਕ ਵਿੱਚ ਜ਼ੋਰਦਾਰ ਪ੍ਰਚਾਰ ਨਾਲ ਆਪ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰਨ ਵਾਸਤੇ 'ਆਪ' ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦੇਣ ਲਈ ਜਾਪਾਨ ਵਿੱਚ ਸਨ ਪਰ 'ਆਪ' ਪਾਰਟੀ ਦੇ ਨੌਜਵਾਨ ਵਰਕਰਾਂ ਨੇ ਇਨ੍ਹਾਂ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਯਕੀਨੀ ਬਣਾਇਆ। ਉਨ੍ਹਾਂ ਕਿਹਾ ਕਿ ਇਸ ਵੱਡੀ ਜਿੱਤ ਨੇ ਸਾਨੂੰ ਨਿਮਰਤਾ ਅਤੇ ਜ਼ਿੰਮੇਵਾਰੀ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਦੀ ਭਾਵਨਾ ਨਾਲ ਹੋਰ ਵੀ ਭਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ 'ਆਪ' ਨੇ ਬਲਾਕ ਸੰਮਤੀ ਦੀਆਂ 67 ਫ਼ੀਸਦ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 72 ਫ਼ੀਸਦ ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ, ਜਿਸ ਨਾਲ ਕੁੱਲ ਪੇਂਡੂ ਸੀਟਾਂ ਦਾ ਲਗਭਗ 70 ਫ਼ੀਸਦ ਹਿੱਸਾ ਪ੍ਰਾਪਤ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਆਪਣੇ ਆਪ ਨੂੰ ਪਿੰਡਾਂ ਵਿੱਚ ਦਬਦਬੇ ਵਾਲੀ ਪਾਰਟੀ ਦੱਸਦਾ ਹੈ ਪਰ ਦੇਖਿਆ ਜਾਵੇ ਤਾਂ ਹਰ ਖੇਤਰ ਵਿੱਚ ਅਕਾਲੀ ਦਲ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਚੁੱਕਾ ਹੈ ਅਤੇ ਇਸ ਸਭ ਦੇ ਬਾਵਜੂਦ ਵੀ ਵੀ ਉਹ ਬਿਨਾਂ ਕਿਸੇ ਕਾਰਨ ਆਪਣੀ ਪਿੱਠ ਥਪਥਪਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਅਕਾਲੀ ਦਲ ਦੀ ਲੀਡਰਸ਼ਿਪ ਝੂਠੀਆਂ ਉਮੀਦਾਂ ਪਾਲ ਰਹੀ ਹੈ ਅਤੇ ਲੋਕਾਂ ਵੱਲੋਂ ਵਾਰ-ਵਾਰ ਨਕਾਰੇ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਸੱਤਾ ਵਿੱਚ ਵਾਪਸੀ ਦੀ ਉਮੀਦ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਉਲਟ 'ਆਪ' ਸਰਕਾਰ ਵਿਕਾਸ ਅਤੇ ਚੰਗੇ ਸ਼ਾਸਨ ਸਦਕਾ ਹੀ ਦੇਸ਼ ਭਰ ਵਿੱਚ ਆਪਣੇ ਪੈਰ ਪਾਸਾਰ ਰਹੀ ਹੈ। 'ਆਪ' ਸਰਕਾਰ ਹੁਣ ਗੋਆ, ਗੁਜਰਾਤ, ਜੰਮੂ-ਕਸ਼ਮੀਰ ਅਤੇ ਕੇਰਲਾ ਵਰਗੇ ਰਾਜਾਂ ਵਿੱਚ ਆਪਣਾ ਪਾਸਾਰ ਕਰ ਰਹੀ ਹੈ, ਜਿੱਥੇ ਇਹ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਜਿੱਤ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨੂੰ ਸੈਮੀਫਾਈਨਲ ਵਜੋਂ ਨਹੀਂ ਸਗੋਂ ਸਰਕਾਰ ਦੇ ਕੰਮ ਦੇ ਰਿਪੋਰਟ ਕਾਰਡ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੁਹਰਾਇਆ ਕਿ ਪਾਰਟੀ ਜਾਤ-ਪਾਤ ਜਾਂ ਧਰਮ ਦੇ ਮੁੱਦੇ ਦੀ ਬਜਾਏ ਵਿਕਾਸ ਦੇ ਮੁੱਦੇ 'ਤੇ ਲੋਕਾਂ ਤੱਕ ਪਹੁੰਚ ਜਾਰੀ ਰੱਖੇਗੀ।
ਭਾਜਪਾ ਨੂੰ ਆਪਣੇ ਜੱਦੀ ਪਿੰਡ ਸਤੋਜ ਵਿੱਚ ਸਿਰਫ਼ ਇੱਕ ਵੋਟ ਪ੍ਰਾਪਤ ਕਰਨ ਬਾਰੇ ਪੁੱਛੇ ਜਾਣ 'ਤੇ ਭਗਵੰਤ ਮਾਨ ਨੇ ਕਿਹਾ ਕਿ ਆਗੂਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਲੋਕਾਂ ਦਾ ਨਿੱਜੀ ਤੌਰ 'ਤੇ ਧੰਨਵਾਦ ਕਰਨ ਲਈ ਉਨ੍ਹਾਂ ਦੇ ਪਿੰਡ ਦਾ ਦੌਰਾ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਦੀ ਲੋੜ ਹੈ, ਜੋ ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਹੈ। ਪੰਜਾਬ ਵਿੱਚ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਸਜ਼ਾ ਦਰ 83 ਫ਼ੀਸਦ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੇਰੀ ਸਰਕਾਰ ਹੁਣ ਪਿਛਲੀਆਂ ਸਰਕਾਰਾਂ ਵੇਲੇ ਤਸਿਹ-ਨਹਿਸ ਕੀਤੇ ਸਿਸਟਮ ਨੂੰ ਸੰਭਾਲ ਰਹੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ