
ਪੱਟੀ/ਤਰਨਤਾਰਨ, 18 ਦਸੰਬਰ (ਹਿੰ. ਸ.)। ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ ਕਿ ਜੋ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ। ਆਪਣੇ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਅਤੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਅਤੇ ਸੂਬਾ ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਆਪ ਦੀ ਹੋਈ ਇਤਿਹਾਸਿਕ ਜਿੱਤ `ਤੇ ਦਿਨ-ਰਾਤ ਮਿਹਨਤ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸਾਰੇ ਹੀ ਅਹੁਦੇਦਾਰਾਂ, ਆਗੂਆਂ ਦਾ ਅਤੇ ਹਰ ਵਲੰਟੀਅਰ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਪੱਟੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ ਹੀ 5 ਜੋਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। ਇਸੇ ਤਰ੍ਹਾਂ ਹਲਕੇ ਵਿੱਚ ਪੰਚਾਇਤ ਸੰਮਤੀਆਂ ਦੇ 36 ਜੋਨਾਂ ਵਿਚੋਂ 33 ਜੋਨਾਂ ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਸਾਬਿਤ ਕਰਦੀ ਹੈ ਕਿ ਲੋਕ ਮਾਨ ਸਰਕਾਰ ਦੀਆ ਲੋਕ-ਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ, ਲੋਕ ਮੁਫ਼ਤ ਬਿਜਲੀ, ਸਿੱਖਿਆ ਕ੍ਰਾਂਤੀ, ਰੁਜ਼ਗਾਰ ਕ੍ਰਾਂਤੀ ਅਤੇ ਮਾਨ ਸਰਕਾਰ ਦੁਆਰਾ ਹੋਏ ਹੋਰ ਲੋਕ ਪੱਖੀ ਕੰਮਾਂ ਤੋਂ ਖ਼ੁਸ਼ ਹਨ ਅਤੇ ਮਾਨ ਸਰਕਾਰ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਜੋ ਕੰਮ 70 ਸਾਲਾਂ `ਚ ਨਹੀਂ ਕਰ ਸਕੀਆਂ ਉਹ ਕੰਮ ਲੋਕਾਂ ਦੀ ਆਪਣੀ ਸਰਕਾਰ ਨੇ ਸਿਰਫ਼ 4 ਸਾਲਾਂ `ਚ ਕਰ ਦਿਖਾਏ ਹਨ, ਤਾਂ ਹੀ ਹਰ ਪੰਜਾਬੀ ਅੱਜ ਮਾਨ ਸਰਕਾਰ ਦੇ ਨਾਲ ਖੜ੍ਹਾ ਹੈ। ਉਨ੍ਹਾਂ ਇਸ ਸ਼ਾਨਦਾਰ ਜਿੱਤ ਲਈ ਪਾਰਟੀ ਦੇ ਹਰ ਇੱਕ ਵਲੰਟੀਅਰ, ਆਗੂ ਸਾਥੀਆਂ ਅਤੇ ਆਪਣੇ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ।
-----------------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ