
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਕੋਮਲ ਮਿੱਤਲ ਨੇ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ।
ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ ਬੀਤੇ 11 ਦਸੰਬਰ 2025 ਤੋਂ 10 ਫਰਵਰੀ 2026 ਤੱਕ ਲਾਗੂ ਰਹਿਣਗੇ।
ਕੋਮਲ ਮਿੱਤਲ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਬਿਲਡਿੰਗ ਦੇ ਆਲੇ ਦੁਆਲੇ ਆਮ ਜਨਤਾ, ਰਾਜਸੀ ਪਾਰਟੀਆਂ ਅਤੇ ਕਰਮਚਾਰੀ ਸੰਗਠਨਾਂ ਆਦਿ ਵੱਲੋਂ ਰੈਲੀਆਂ ਧਰਨੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਦਫ਼ਤਰ ਵਿੱਚ ਆਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ