
ਬਰਨਾਲਾ, 2 ਦਸੰਬਰ (ਹਿੰ. ਸ.)। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਬੰਧੀ ਸਾਰੇ ਪ੍ਰਬੰਧ ਸਮੇ-ਸਿਰ ਮੁਕੰਮਲ ਕੀਤੇ ਜਾਣ ਅਤੇ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਦੌਰਾਨ ਕੀਤਾ।
ਟੀ ਬੈਨਿਥ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਬਰਨਾਲਾ ‘ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਹਲਕਿਆਂ ਅਤੇ ਬਲਾਕ ਸੰਮਤੀਆਂ ਦੇ 65 ਹਲਕਿਆਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।
ਟੀ ਬੈਨਿਥ ਨੇ ਅਧਿਕਾਰੀਆਂ ਨੂੰ ਨਿਰਪੱਖ ਹੋ ਕੇ ਵੋਟਾਂ ਕਰਵਾਉਣ ਲਈ ਪ੍ਰੇਰਿਆ ਅਤੇ ਕਿਹਾ ਕਿ ਵੋਟਾਂ ਦੌਰਾਨ ਵਿਸ਼ੇਸ਼ ਤੌਰ 'ਤੇ ਬਜ਼ੁਰਗ ਵੋਟਰਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਜ਼ਰੂਰਤ ਅਨੁਾਸਾਰ ਓਨ੍ਹਾਂ ਲਈ ਵਹੀਲ ਚੇਅਰ ਅਤੇ ਰੈਂਪ ਆਦਿ ਦਾ ਪ੍ਰਬੰਧ ਬੂਥਾਂ 'ਤੇ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04 ਦਸੰਬਰ 2025 (ਵੀਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ 2025 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06 ਦਸੰਬਰ 2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ।
ਸ੍ਰੀ ਹਰਜਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਚੋਣ ਮਿਤੀ 14 ਦਸੰਬਰ 2025 (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਗਿਣਤੀ ਕੇਂਦਰਾਂ 'ਤੇ ਹੋਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ