
ਹੁਸ਼ਿਆਰਪੁਰ, 20 ਦਸੰਬਰ (ਹਿੰ. ਸ.)। ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਕੰਢੀ ਖੇਤਰ ਦੇ ਸਰਪੰਚਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੀ ਇਸ ਮੌਕੇ ਮੌਜੂਦ ਸਨ।
ਮੀਟਿੰਗ ਦਾ ਮੁੱਖ ਉਦੇਸ਼ ਕੰਢੀ ਖੇਤਰ ਦੇ ਪਿੰਡ ਵਾਸੀਆਂ ਵੱਲੋਂ ਉਠਾਏ ਗਏ ਲੰਬੇ ਸਮੇਂ ਤੋਂ ਚੱਲ ਰਹੇ ਮੁੱਦਿਆਂ ਨੂੰ ਹੱਲ ਕਰਨਾ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਕੰਢੀ ਦੇ ਲੋਕ ਖਾਸ ਤੌਰ 'ਤੇ ਮੋਬਾਇਲ ਨੈੱਟਵਰਕ ਦੀ ਘਾਟ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਇਸ ਸਬੰਧ ਵਿੱਚ ਬੀ.ਐਸ.ਐਨ.ਐਲ ਅਤੇ ਹੋਰ ਨਿੱਜੀ ਟੈਲੀਕਾਮ ਕੰਪਨੀਆਂ ਦੇ ਅਧਿਕਾਰੀਆਂ ਨੂੰ ਸਥਿਤੀ ਦਾ ਜਾਇਜ਼ਾ ਲੈਣ ਲਈ ਬੁਲਾਇਆ ਗਿਆ ਸੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨੈੱਟਵਰਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਸਪੱਸ਼ਟ ਨਿਰਦੇਸ਼ ਦਿੱਤੇ ਤਾਂ ਜੋ ਪਿੰਡ ਵਾਸੀਆਂ ਨੂੰ ਕਿਸੇ ਵੀ ਸੰਚਾਰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਦੇ ਸਮਾਜਿਕ-ਆਰਥਿਕ ਵਿਕਾਸ ਲਈ ਮੋਬਾਇਲ ਨੈੱਟਵਰਕ ਵਰਗਾ ਬੁਨਿਆਦੀ ਢਾਂਚਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦੇ ਸਥਾਈ ਹੱਲ ਯਕੀਨੀ ਬਣਾਏ ਜਾਣ ਅਤੇ ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਤੋਂ ਬਚਿਆ ਜਾਵੇ। ਮੀਟਿੰਗ ਵਿੱਚ ਸ਼ਾਮਿਲ ਪਿੰਡਾਂ ਦੇ ਹੋਰ ਸਥਾਨਕ ਮੁੱਦਿਆਂ 'ਤੇ ਵੀ ਵਿਸਥਾਰ ਵਿੱਚ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
ਡਾ. ਰਵਜੋਤ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਜਨਤਕ ਨੁਮਾਇੰਦਿਆਂ ਵਿਚਕਾਰ ਤਾਲਮੇਲ ਹੀ ਵਿਕਾਸ ਕਾਰਜਾਂ ਨੂੰ ਤੇਜ਼ ਕਰ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਪੇਂਡੂ ਖੇਤਰਾਂ ਦੇ ਵਿਕਾਸ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ।
ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਕੰਢੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਉਹ ਅਧਿਕਾਰੀਆਂ ਨਾਲ ਨਿੱਜੀ ਤੌਰ 'ਤੇ ਪਿੰਡਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਦੇ ਮੁੱਦਿਆਂ ਦੇ ਹੱਲ ਲਈ ਕੰਮ ਕਰਨਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ