
ਲੁਧਿਆਣਾ, 21 ਦਸੰਬਰ (ਹਿੰ. ਸ.)। ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਰਾਹੋਂ ਰੋਡ 'ਤੇ ਸੀਵਰੇਜ ਜਾਮ ਦੀ ਸਮੱਸਿਆ ਦੇ ਸਬੰਧ ਵਿੱਚ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਆਇਨਾ ਕੀਤਾ ਗਿਆ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਰਾਹੋਂ ਰੋਡ ਦਾ ਇਲਾਕਾ ਬਰਸਾਤਾਂ ਦੇ ਦਿਨਾਂ ਵਿੱਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਦਾ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨੂੰ ਨਾਲ ਲੈ ਕੇ ਮੁਆਇਨਾ ਕੀਤਾ ਗਿਆ ਤਾਂ ਜੋ ਆ ਰਹੀ ਮੁਸ਼ਕਿਲ ਦਾ ਹੱਲ ਕੀਤਾ ਜਾ ਸਕੇ।
ਉਹਨਾਂ ਕਿਹਾ ਕਿ ਜਲਦ ਹੀ ਇਸ ਦੀ ਰਿਪੋਰਟ ਤਿਆਰ ਕਰ ਐਸਟੀਮੇਟ ਤਿਆਰ ਕੀਤਾ ਜਾਵੇਗਾ ਤੇ ਆਉਣ ਵਾਲੇ ਦਿਨਾਂ ਵਿੱਚ ਰਾਹੋਂ ਰੋਡ 'ਤੇ ਇੱਕ ਨਵੀਂ ਸੀਵਰੇਜ ਲਾਈਨ ਪਾਈ ਜਾਵੇਗੀ ਜਿਸ ਨਾਲ ਰਾਹੋ ਰੋਡ 'ਤੇ ਚੱਲ ਰਹੀ ਸੀਵਰੇਜ ਓਵਰਫਲੋ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਕਾਗਜ਼ਾਂ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਵਿਕਾਸ ਕਾਰਜ ਦਿਖਾ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਤਾਂ ਜਰੂਰ ਕੀਤੀ ਹੈ ਪਰ ਹਕੀਕਤ ਦੇ ਵਿੱਚ ਜਮੀਨੀ ਪੱਧਰ 'ਤੇ ਕੁਝ ਨਹੀਂ ਕੀਤਾ।
ਉਹਨਾਂ ਕਿਹਾ ਕਿ ਹੁਣ ਇਲਾਕਾ ਨਿਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਜਲਦ ਹੀ ਰਾਹੋਂ ਰੋਡ ਦੀ ਸਮੱਸਿਆ ਦਾ ਹੱਲ ਵਧੀਆ ਤਰੀਕੇ ਨਾਲ ਕੀਤਾ ਜਾਵੇਗਾ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਕਿਸੇ ਤਰ੍ਹਾਂ ਦੀ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ