
ਐਸ.ਏ.ਐਸ. ਨਗਰ, 21 ਦਸੰਬਰ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਸੂਬੇ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ 146 ਕਾਲਜਾਂ ਦੇ ਅਧਿਆਪਕਾਂ ਨੂੰ ਨਸ਼ਾ ਰੋਕਥਾਮ ਲਈ ਸਮਰਪਿਤ ਨੋਡਲ ਅਧਿਕਾਰੀ ਵਜੋਂ ਤਿਆਰ ਕੀਤਾ ਗਿਆ ਹੈ। ਇਹ ਪਹਿਲ ਸਿੱਖਿਆ ਸੰਸਥਾਵਾਂ ਵਿੱਚ ਨਸ਼ਿਆਂ ਦੇ ਖ਼ਿਲਾਫ਼ ਮਜ਼ਬੂਤ ਮੋਰਚਾ ਤਿਆਰ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਉੱਚ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਐਕਸ਼ਨ ਪਲਾਨ ਫ਼ਾਰ ਡਰੱਗ ਡਿਮਾਂਡ ਰਿਡਕਸ਼ਨ (NAPDDR) ਦੇ ਅਧੀਨ 18 ਤੋਂ 20 ਦਸੰਬਰ 2025 ਤੱਕ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਐਸ.ਏ.ਐਸ. ਨਗਰ ਵਿਖੇ ਸੂਬੇ ਦੇ 23 ਜ਼ਿਲ੍ਹਿਆਂ ਤੋਂ ਆਏ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਲਈ ਇਕ ਦਿਨਾਂ ਵਰਕਸ਼ਾਪਾਂ ਦਾ ਆਯੋਜਨ ਕੀਤਾ ਗਿਆ। ਇਹ ਸਿਖਲਾਈ ਸੈਸ਼ਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਸਿਵਲ ਹਸਪਤਾਲ ਮੋਹਾਲੀ ਅਤੇ ਡਾਟਾ ਇੰਟੈਲੀਜੈਂਸ ਐਂਡ ਟੈਕਨੀਕਲ ਸਹਾਇਤਾ ਯੂਨਿਟ (DITSU) ਦੇ ਕਲੀਨਿਕਲ ਸਾਇਕੋਲੋਜਿਸਟਾਂ, ਮਾਨਸਿਕ ਸਿਹਤ ਮਾਹਿਰਾਂ ਅਤੇ ਅਕਾਦਮਿਕ ਵਿਦਵਾਨਾਂ ਵੱਲੋਂ ਲਏ ਗਏ।
ਸਿਖਲਾਈ ਦੌਰਾਨ ਨੌਜਵਾਨਾਂ ਨੂੰ ਦਰਪੇਸ਼ ਆਮ ਤਣਾਅ, ਨਸ਼ਿਆਂ ਦੇ ਕਾਰਨ ਤੇ ਪ੍ਰਭਾਵ, ਅਤੇ ਵਿਦਿਆਰਥੀਆਂ ਦੀ ਸੰਵੇਦਨਸ਼ੀਲਤਾ ਨਾਲ ਸਹਾਇਤਾ ਕਰਨ ਦੇ ਵਿਗਿਆਨਕ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਭਾਗੀਦਾਰਾਂ ਨੂੰ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਅਧੀਨ ਚਲ ਰਹੀਆਂ ਗਤੀਵਿਧੀਆਂ ਅਤੇ ਕਾਲਜਾਂ ਵੱਲੋਂ ਨਸ਼ਾ ਮੁਕਤ ਪੰਜਾਬ ਲਈ ਕੀਤੀ ਜਾ ਸਕਣ ਵਾਲੀ ਭੂਮਿਕਾ ਬਾਰੇ ਵੀ ਜਾਣੂ ਕਰਵਾਇਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਐਸ.ਐਮ.ਐਚ.ਐਸ. ਸਰਕਾਰੀ ਕਾਲਜ, ਐਸ.ਏ.ਐਸ. ਨਗਰ ਦੀ ਕਾਰਜਕਾਰੀ ਪ੍ਰਿੰਸੀਪਲ ਮਿਸ ਗੁੰਜੀਤ ਕੌਰ ਨੇ ਕਿਹਾ ਕਿ ਨਸ਼ਿਆਂ, ਮਾਨਸਿਕ ਸਿਹਤ ਅਤੇ ਤੰਦਰੁਸਤੀ ਬਾਰੇ ਜਾਗਰੂਕਤਾ ਫੈਲਾ ਕੇ ਲੋਕਾਂ ਨੂੰ ਸਹੀ ਅਤੇ ਜਾਣਕਾਰੀ-ਅਧਾਰਤ ਫੈਸਲੇ ਲੈਣ ਯੋਗ ਬਣਾਉਣਾ, ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਨਾਲ ਪ੍ਰਭਾਵਿਤ ਲੋਕਾਂ ਨੂੰ ਦੂਰ ਧੱਕਣ ਦੀ ਬਜਾਏ ਸਹਿਯੋਗ ਅਤੇ ਸਮਾਵੇਸ਼ ਦੀ ਲੋੜ ਹੈ। ਇਸ ਤਰ੍ਹਾਂ ਦੇ ਕਾਰਜਕ੍ਰਮ ਅਧਿਆਪਕਾਂ ਅਤੇ ਕਾਲਜਾਂ ਨੂੰ ਇਸ ਲੜਾਈ ਵਿੱਚ ਮਜ਼ਬੂਤ ਸਾਥੀ ਬਣਾਉਂਦੇ ਹਨ।
ਵਰਕਸ਼ਾਪ ਦੀ ਟ੍ਰੇਨਰ ਡਾ. ਤਵਲੀਨ ਕੌਰ, ਕਲੀਨਿਕਲ ਸਾਇਕੋਲੋਜਿਸਟ, ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਨੇ ਕਿਹਾ ਕਿ ਇਹ ਲੜਾਈ ਸਿਰਫ਼ ਨਸ਼ਿਆਂ ਦੇ ਖ਼ਿਲਾਫ਼ ਨਹੀਂ, ਸਗੋਂ ਸਮਾਜਿਕ ਧੱਬੇ, ਅਗਿਆਨਤਾ ਅਤੇ ਉਮੀਦ ਦੀ ਘਾਟ ਦੇ ਖ਼ਿਲਾਫ਼ ਵੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਅਧਿਆਪਕਾਂ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਨੌਜਵਾਨਾਂ ਨੂੰ ਦੋਸ਼ ਦੇਣ ਦੀ ਬਜਾਏ ਸਮਝ ਅਤੇ ਸਹਿਯੋਗ ਦੀ ਲੋੜ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ