
ਅੰਮ੍ਰਿਤਸਰ, 22 ਦਸੰਬਰ (ਹਿੰ. ਸ.)। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।
ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ। ਇਸ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀ ਮੁੱਖ ਸਟੇਜ ਉੱਤੇ ਗੁਰਮਤਿ ਸਮਾਗਮ ਚਲਦੇ ਰਹੇ ਜਿਸ ਵਿੱਚ ਕਥਾਵਾਚਕ ਅਤੇ ਕਵੀਸ਼ਰ ਢਾਡੀ ਜਥਿਆਂ ਨੇ ਸੰਗਤ ਨਾਲ ਸ਼ਹੀਦਾਂ ਦਾ ਇਤਿਹਾਸ ਸਾਂਝਾ ਕਰਦਿਆਂ ਸਤਿਕਾਰ ਭੇਟ ਕੀਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ