
ਪਟਿਆਲਾ, 23 ਦਸੰਬਰ (ਹਿੰ. ਸ.)। 26 ਜਨਵਰੀ 2026 ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਦੇਸ਼ ਦੇ ਗਣਤੰਤਰ ਦਿਵਸ ਨੂੰ ਮਨਾਉਣ ਸਬੰਧੀ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਮਾਗਮ ਦੀਆਂ ਤਿਆਰੀਆਂ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚੜ੍ਹਾਏ ਜਾਣ।
ਏ.ਡੀ.ਸੀ. ਨੇ ਇਸ ਦੌਰਾਨ ਵੱਖ-ਵੱਖ ਕਾਰਜਾਂ ਲਈ ਕਮੇਟੀਆਂ ਦਾ ਗਠਨ ਕੀਤਾ ਅਤੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕਾਰਜ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਇਹ ਇੱਕ ਅਹਿਮ ਸਮਾਗਮ ਹੈ, ਇਸ ਲਈ ਇਸ ਦੇ ਪ੍ਰਬੰਧਾਂ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਸਮੁਚੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨੀ ਯਕੀਨੀ ਬਣਾਉਣਗੇ।
ਸਿਮਰਪ੍ਰੀਤ ਕੌਰ ਨੇ ਸਮਾਗਮ ਲਈ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਸਬੰਧੀਂ ਗਿੱਧੇ ਤੇ ਭੰਗੜੇ ਦੀਆਂ ਟੀਮਾਂ ਤਿਆਰ ਕਰਨ ਸਮੇਤ ਸਕੂਲੀ ਵਿਦਿਆਰਥੀਆਂ ਦਾ ਸੱਭਿਆਚਾਰਕ ਪ੍ਰੋਗਰਾਮ ਤਿਆਰ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ। ਉਨ੍ਹਾਂ ਪੋਲੋ ਗਰਾਂਉਡ ਵਿਖੇ ਸਭਿਆਚਾਰਕ ਪ੍ਰੋਗਰਾਮ, ਪੁਲਿਸ, ਆਈ.ਟੀ.ਬੀ.ਪੀ., ਹੋਮ ਗਾਰਡਜ, ਐਨ.ਸੀ.ਸੀ., ਰੈਡ ਕਰਾਸ, ਸਕਾਊਟ ਗਾਈਡ ਦੀ ਪਰੇਡ ਰਿਹਰਸਲ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਵੀ ਆਦੇਸ਼ ਦਿੱਤੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ