
ਫਤਹਿਗੜ੍ਹ ਸਾਹਿਬ, 23 ਦਸੰਬਰ (ਹਿੰ. ਸ.)। ਸ਼ਹੀਦੀ ਸਭਾ ਮੌਕੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ, ਐਸ.ਡੀ.ਐਮ. ਸੂਬਾ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਸ਼ਹਿਰ ਵਿੱਚ ਵੱਖ ਵੱਖ ਪ੍ਰਬੰਧਾਂ ਦਾ ਖੁਦ ਨਿਰੀਖਣ ਕੀਤਾ ਗਿਆ।
ਨਿਰੀਖਣ ਦੌਰਾਨ ਐਸ.ਡੀ.ਐਮ. ਸੂਬਾ ਸਿੰਘ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਾਰਜ ਸਾਧਕ ਅਫਸਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਗਤਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਵੱਲੋਂ ਕਾਰਜ ਸਾਧਕ ਅਫਸਰ ਨੂੰ ਨਿਰਦੇਸ਼ ਦਿੱਤੇ ਗਏ ਕਿ ਪੂਰੇ ਖੇਤਰ ਵਿੱਚ ਸਫਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਅਤੇ ਪਖਾਨਿਆਂ ਦੀ ਨਿਯਮਤ ਸਾਫ ਸਫਾਈ ਤੇ ਕੂੜੇ ਦੇ ਯੋਗ ਨਿਪਟਾਰੇ ਲਈ ਟੀਮਾਂ ਨੂੰ 24 ਘੰਟੇ ਮੁਸਤੈਦ ਰੱਖਿਆ ਜਾਵੇ। ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸਟਰੀਟ ਲਾਈਟਾਂ ਦੇ ਪ੍ਰਬੰਧ ਮੁਕੰਮਲ ਕਰਨ ਅਤੇ ਪੀ.ਡਬਲਯੂ.ਡੀ ਦੇ ਇਲੈਕਟਰੀਕਲ ਵਿੰਗ ਨੂੰ ਪਾਰਕਿੰਗ ਸਥਾਨਾਂ ਉੱਤੇ ਰੋਸ਼ਨੀ ਲਈ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ। ਇਸ ਮੌਕੇ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ