ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ: ਖੇਤੀਬਾੜੀ ਮੰਤਰੀ
ਮਲੋਟ/ਸ੍ਰੀ ਮੁਕਤਸਰ ਸਾਹਿਬ, 24 ਦਸੰਬਰ (ਹਿੰ. ਸ.)। ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਕੀਤੇ ਜਾ ਰਹੇ ਵਿਕਾਸ ਕਾਰਜਾਂ ਤਹਿਤ ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਨੂੰ ਹਾ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸੰਬੋਧਨ ਕਰਦੇ ਹੋਏ.


ਮਲੋਟ/ਸ੍ਰੀ ਮੁਕਤਸਰ ਸਾਹਿਬ, 24 ਦਸੰਬਰ (ਹਿੰ. ਸ.)। ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਕੀਤੇ ਜਾ ਰਹੇ ਵਿਕਾਸ ਕਾਰਜਾਂ ਤਹਿਤ ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਰੈੱਡ ਹਿੱਲ ਰਿਜ਼ੋਰਟ, ਮਲੋਟ ਵਿਖੇ ਲਗਾਇਆ ਗਿਆ।

ਇਸ ਕੈਂਪ ਵਿੱਚ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਅਤੇ ਹਲਕਾ ਸ੍ਰੀ ਮੁਕਤਸਰ ਸਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਲਈ ਰਿਵਾਇਤੀ ਫਸਲਾਂ ਨੂੰ ਛੱਡ ਕੇ ਖੇਤੀਬਾੜੀ ਧੰਦੇ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਦਾਲਾਂ, ਸਬਜ਼ੀਆਂ, ਫ਼ਲਾਂ, ਬਾਗਬਾਨੀ, ਅਤੇ ਚੰਗੀਆਂ ਨਸਲਾਂ ਦੇ ਪਸ਼ੂ ਪਾਲਣ ਵਰਗੇ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨ ਦੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਦੇ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਐਗਰੀਕਲਚਰ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸਿੱਧੀ ਬਿਜਾਈ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਫ਼ਸਲਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਮਾਰੀਆਂ ਪੈਂਦੀਆਂ ਹਨ ਤਾਂ ਉਹ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਮਾਹਿਰਾਂ, ਸਾਇੰਸਦਾਨਾਂ ਨਾਲ ਜ਼ਰੂਰ ਰਾਬਤਾ ਕਾਇਮ ਕਰਨ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਫਸਲਾਂ ਦੀ ਕਾਸ਼ਤ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਵਿੱਚ ਜ਼ਰੂਰ ਸ਼ਿਰਕਤ ਕਰਨ ਤਾਂ ਜੋ ਉਨ੍ਹਾਂ ਨੂੰ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਪ੍ਰਾਪਤ ਹੋ ਸਕੇ।

ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕਾਸ਼ਤ ਕਰਨ ਤੋਂ ਪਹਿਲਾਂ ਆਪਣੀ ਵਾਹੀਯੋਗ ਜਮੀਨ ਦੀ ਮਿੱਟੀ ਦੀ ਪਰਖ ਜ਼ਰੂਰ ਕਰਵਾਉਣੀ ਚਾਹੀਦੀ ਹੈ ਤਾਂ ਜੋ ਉਸ ਅਨੁਸਾਰ ਹੀ ਖੇਤੀ ਕੀਤੀ ਜਾਵੇ। ਉਨਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਖੇਤਾਂ ਲਈ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਰਜਬਾਹੇ ਅਤੇ ਖਾਲਿਆਂ ਦਾ ਨਵੀਨੀਕਰਨ ਕੀਤਾ ਗਿਆ ਹੈ ਤਾਂ ਜੋ ਟੇਲਾਂ 'ਤੇ ਸਥਿਤ ਖੇਤਾਂ ਤੱਕ ਪਾਣੀ ਨੂੰ ਪਹੁੰਚਾਇਆ ਜਾ ਸਕੇ।

ਉਨ੍ਹਾਂ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਦੇ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਖੇਤੀ ਕਰਨ ਤਾਂ ਜੋ ਉਨਾਂ ਨੂੰ ਭਵਿੱਖ ਵਿੱਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਡਾ: ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨ ਹਿੱਤ ਵਿੱਚ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਫ਼ਸਲਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਆਪਣੇ ਬਲਾਕ/ਸਰਕਲ ਪੱਧਰ ’ਤੇ ਤੈਨਾਤ ਖੇਤੀ ਮਾਹਿਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇ।

ਇਸ ਮੌਕੇ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਟਾਲਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸਟਾਲਾਂ ਦਾ ਮੁੱਖ ਮਹਿਮਾਨਾਂ ਅਤੇ ਉੱਚ ਅਧਿਕਾਰੀਆਂ ਵੱਲੋਂ ਜਾਇਜ਼ਾ ਲਿਆ ਗਿਆ ਅਤੇ ਇਨ੍ਹਾਂ ਦੀ ਪ੍ਰਸ਼ੰਸਾ ਵੀ ਕੀਤੀ ਗਈ। ਇਸ ਕੈਂਪ ਵਿੱਚ ਲਗਭਗ 800 ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਪਸ਼ੂ ਪਾਲਣ ਵਿਭਾਗ ਅਤੇ ਡੇਅਰੀ ਵਿਭਾਗ ਵੱਲੋਂ ਵਿਸ਼ੇਸ਼ ਤੌਰ ’ਤੇ ਪ੍ਰਦਰਸ਼ਨੀ ਲਗਾਈ ਗਈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande