

ਚੰਡੀਗੜ੍ਹ, 24 ਦਸੰਬਰ (ਹਿੰ.ਸ.)। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ, ਭਾਰਤ ਵਿੱਚ ਸ਼ਰਨਾਰਥੀਆਂ ਵਜੋਂ ਰਹਿ ਰਹੇ ਅਫਗਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੇ ਸਿੱਖਾਂ ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕਰਨ ਦਾ ਕੰਮ ਕੀਤਾ ਹੈ। ਇੰਨਾ ਹੀ ਨਹੀਂ, ਜੰਮੂ-ਕਸ਼ਮੀਰ ਵਿੱਚ ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ, 116,000 ਲੋਕਾਂ ਨੂੰ ਨਾਗਰਿਕਤਾ ਦਿੱਤੀ ਗਈ ਹੈ।
ਅਮਿਤ ਸ਼ਾਹ ਬੁੱਧਵਾਰ ਰਾਤ ਨੂੰ ਪੰਚਕੂਲਾ ਵਿੱਚ ਵੀਰ ਬਾਲ ਦਿਵਸ ਮਨਾਉਣ ਦੇ ਸੰਦਰਭ ’ਚ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ, ਗ੍ਰਹਿ ਮੰਤਰੀ ਨੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਇੱਕ ਕੌਫੀ ਟੇਬਲ ਕਿਤਾਬ ਜਾਰੀ ਕੀਤੀ। ਉਨ੍ਹਾਂ ਨੇ ਹਰਿਆਣਾ ਸਰਕਾਰ ਦੁਆਰਾ ਤਿਆਰ ਕੀਤੀ ਗਈ ਵਿਜ਼ਨ 2047 ਵੀ ਜਾਰੀ ਕੀਤੀ। ਅਮਿਤ ਸ਼ਾਹ ਨੇ 1984 ਦੇ ਦੰਗਿਆਂ ਦੇ 121 ਦੰਗਾ ਪੀੜ੍ਹਿਤ ਪਰਿਵਾਰਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੀ ਵੰਡੇ।
ਗ੍ਰਹਿ ਮੰਤਰੀ ਨੇ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਨਾਮ ਲਏ ਬਿਨਾਂ, ਕਿਹਾ ਕਿ ਦੇਸ਼ ਦੀ ਵੰਡ ਦੌਰਾਨ ਕਰਤਾਰਪੁਰ ਸਾਹਿਬ ਨੂੰ ਅਣਗੌਲਿਆ ਕੀਤਾ ਗਿਆ। ਮੋਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਈ ਕਾਰੀਡੋਰ ਬਣਾ ਕੇ ਸ਼ਰਧਾਲੂਆਂ ਨੂੰ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਚਾਰ ਸਾਹਿਬਜ਼ਾਦਿਆਂ ਦਾ ਜ਼ਿਕਰ ਕੀਤਾ ਜਾਂਦਾ ਹੈ, ਤਾਂ ਦਿਲ ਭਾਵੁਕ ਹੋ ਜਾਂਦਾ ਹੈ ਅਤੇ ਛਾਤੀ ਮਾਣ ਨਾਲ ਫੁੱਲ ਜਾਂਦੀ ਹੈ।ਉਨ੍ਹਾਂ ਕਿਹਾ ਕਿ 9 ਜਨਵਰੀ, 2022 ਨੂੰ ਪ੍ਰਧਾਨ ਮੰਤਰੀ ਮੋਦੀ ਨੇ ਫੈਸਲਾ ਕੀਤਾ ਕਿ ਹਰ ਸਾਲ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਇਆ ਜਾਵੇਗਾ। ਪਿਛਲੇ ਤਿੰਨ ਸਾਲਾਂ ਤੋਂ, ਹਰ ਰਾਜ ਦੇ ਸਕੂਲਾਂ ਵਿੱਚ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਨਾਲ ਕਰੋੜਾਂ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀਆਂ ਜੀਵਨੀਆਂ ਸੁਣਨ ਦਾ ਮੌਕਾ ਮਿਲਿਆ ਹੈ। ਗ੍ਰਹਿ ਮੰਤਰੀ ਨੇ ਸਿੱਖ ਧਰਮ ਨੂੰ ਸਾਰੇ ਧਰਮਾਂ ਦਾ ਪ੍ਰਤੀਕ ਦੱਸਦੇ ਹੋਏ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਇਕਲੌਤਾ ਧਰਮ ਗ੍ਰੰਥ ਹੈ ਜਿਸ ਵਿੱਚ ਨਾ ਸਿਰਫ਼ ਗੁਰੂਆਂ ਦੀਆਂ ਸਿੱਖਿਆਵਾਂ ਹਨ, ਸਗੋਂ ਕਈ ਮਹਾਂਪੁਰਖਾਂ ਦੀ ਬਾਣੀ ਦਾ ਵੀ ਜ਼ਿਕਰ ਹੈ।ਨਾਇਬ ਸਰਕਾਰ ਵਲੋਂ 1984 ਦੇ ਦੰਗਿਆਂ ਦੇ ਪੀੜ੍ਹਿਤ ਪਰਿਵਾਰਾਂ ਦੇ ਬੱਚਿਆਂ ਨੂੰ ਨੌਕਰੀਆਂ ਦੇਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਸਿੱਖਾਂ ਦੇ ਜ਼ਖ਼ਮਾਂ ਨੂੰ ਭਰਨ ਦੀ ਕੋਸ਼ਿਸ਼ ਕੀਤੀ ਹੈ। ਇੰਨਾ ਹੀ ਨਹੀਂ ਸਿੱਖ ਦੰਗਿਆਂ ਦੇ ਦੋਸ਼ੀਆਂ ਦੇ ਕੇਸਾਂ ਨੂੰ ਦੁਬਾਰਾ ਖੋਲ੍ਹ ਕੇ ਸਜ਼ਾ ਦਿਵਾਉਣ ਦਾ ਕੰਮ ਵੀ ਮੋਦੀ ਸਰਕਾਰ ਨੇ ਕੀਤਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ