
ਮਾਲੇਰਕੋਟਲਾ, 24 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਜ਼ਿਲ੍ਹਾ ਪੱਧਰੀ ਬਾਲ ਭਲਾਈ ਕਮੇਟੀ ਦੇ ਕੰਮਕਾਜ ਸਬੰਧੀ ਤਿਮਾਹੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਬਾਲ ਅਧਿਕਾਰਾਂ ਦੀ ਸੁਰੱਖਿਆ, ਬੱਚਿਆਂ ਦੇ ਪੁਨਰਵਾਸ ਅਤੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਬਾਲ ਕਲਿਆਣ ਯੋਜਨਾਵਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਵਾਤਸੱਲਿਆ ਅਧੀਨ ਚਲ ਰਹੀਆਂ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮਾਂ ਦਾ ਮੁੱਖ ਮਕਸਦ ਅਨਾਥ, ਅਸਹਾਇ ਅਤੇ ਸਮਾਜਕ ਤੌਰ ’ਤੇ ਪਿੱਛੜੇ ਬੱਚਿਆਂ ਦੀ ਸੁਰੱਖਿਆ, ਪਰਵਰਿਸ਼ ਅਤੇ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਸਮੇਂ ਜ਼ਿਲ੍ਹੇ ਦੇ 318 ਲੋੜਵੰਦ ਬੱਚਿਆਂ ਨੂੰ ਹਰ ਮਹੀਨੇ ਲਗਭਗ 12 ਲੱਖ 72 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਅਤੇ ਜੀਵਨਯਾਪਨ ਵਿੱਚ ਮਦਦ ਮਿਲ ਰਹੀ ਹੈ।
ਮੀਟਿੰਗ ਦੌਰਾਨ ਜ਼ਿਲ੍ਹਾ ਬਾਲ ਭਲਾਈ ਕਮੇਟੀ ਵੱਲੋਂ 159 ਹੋਰ ਨਵੇਂ ਕੇਸਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਅਣਗੌਲੇ ਅਤੇ ਅਨਾਥ ਬੱਚੇ, ਦੂਜੇ ਪਰਿਵਾਰਾਂ ਨਾਲ ਰਹਿ ਰਹੇ ਬੱਚੇ, ਤਲਾਕਸ਼ੁਦਾ ਔਰਤਾਂ ਦੇ ਬੱਚੇ, ਬਾਲ ਵਿਆਹ ਅਤੇ ਬਾਲ ਮਜ਼ਦੂਰੀ ਨਾਲ ਪ੍ਰਭਾਵਿਤ ਬੱਚੇ, ਬਿਮਾਰ ਜਾਂ ਜੇਲ੍ਹ ਵਿੱਚ ਬੰਦ ਮਾਤਾ-ਪਿਤਾ ਵਾਲੇ ਬੱਚੇ ਅਤੇ ਉਹ ਬੱਚੇ ਜਿਨ੍ਹਾਂ ਦੇ ਮਾਪੇ ਸਰੀਰਕ ਜਾਂ ਆਰਥਿਕ ਤੌਰ ’ਤੇ ਪਾਲਣਾ ਕਰਨ ਤੋਂ ਅਸਮਰਥ ਹਨ, ਸਕੀਮ ਦੇ ਦਾਇਰੇ ਵਿੱਚ ਸ਼ਾਮਲ ਕੀਤੇ ਜਾਂਦੇ ਹਨ। ਮਿਸ਼ਨ ਵਾਤਸੱਲਿਆ 2022 ਦੀਆਂ ਹਦਾਇਤਾਂ ਅਨੁਸਾਰ ਯੋਗ ਪਰਿਵਾਰਾਂ ਦੀ ਆਮਦਨ ਸ਼ਹਿਰੀ ਖੇਤਰ ਲਈ 96,000 ਰੁਪਏ ਅਤੇ ਪੇਂਡੂ ਖੇਤਰ ਲਈ 72,000 ਰੁਪਏ ਸਲਾਨਾ ਤੋਂ ਵੱਧ ਨਹੀਂ ਹੋਣੀ ਚਾਹੀਦੀ। ਅਜਿਹੇ ਲੋੜਵੰਦ ਬੱਚਿਆਂ ਨੂੰ 4,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਯੋਗ ਕੇਸਾਂ ਦੀ ਤੁਰੰਤ ਜਾਂਚ ਕਰਕੇ ਲੋੜੀਂਦੇ ਦਸਤਾਵੇਜ਼ ਪੂਰੇ ਕੀਤੇ ਜਾਣ, ਤਾਂ ਜੋ ਲੋੜਵੰਦ ਬੱਚਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਕੇਸਾਂ ਦੇ ਨਿਪਟਾਰੇ ਦੌਰਾਨ ਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਨੂੰ ਪਹਿਲ ਦੇਣ ’ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਸਕੀਮ ਤਹਿਤ ਜ਼ਿਲ੍ਹੇ ਵਿੱਚ ਹਰ ਮੰਗਲਵਾਰ ਅਤੇ ਵੀਰਵਾਰ ਨੂੰ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਂਦੀ ਹੈ ਅਤੇ ਹੁਣ ਤੱਕ ਕਰੀਬ 14 ਬੱਚਿਆਂ ਨੂੰ ਰੈਸਕਿਊ ਕਰਕੇ ਕਾਊਂਸਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 9 ਬੱਚਿਆਂ ਨੂੰ ਸਕੂਲਾਂ ਨਾਲ ਦੁਬਾਰਾ ਜੋੜਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ “ਜੀਵਨਜਯੋਤ 2.0” ਮੁਹਿੰਮ ਤਹਿਤ ਬਾਲ ਭਿੱਖਿਆ ਦੇ ਖਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ