
ਲੁਧਿਆਣਾ, 25 ਦਸੰਬਰ (ਹਿੰ. ਸ.)। ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਵਿਸ਼ਵ ਹੁਨਰ ਮੁਕਾਬਲੇ ਅਧੀਨ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਖ-ਵੱਖ ਜਿਲਿਆਂ ਦੇ ਬੱਚਿਆਂ ਨੇ ਭਾਗ ਲਿਆ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਥਿਤ ਸਕਿਲ ਸੈਂਟਰ ਵਿਖੇ ਇਹਨਾਂ ਮੁਕਾਬਲਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕਾਬਲੇ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਕਰਵਾਏ ਜਾ ਰਹੇ ਹਨ ਅਤੇ ਇਹਨਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਹੁਨਰ ਲਈ ਤਿਆਰ ਕਰਨਾ, ਉਹਨਾਂ ਦੇ ਹੁਨਰ ਨੂੰ ਪਰਖਣਾ, ਹੁਨਰ ਲਈ ਅੱਗੇ ਵਧਣ ਲਈ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ਤੱਕ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਪੱਧਰੀ ਮੁਕਾਬਲੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਕੇਂਦਰੀ ਪੱਧਰ 'ਤੇ ਭੇਜਿਆ ਜਾਵੇਗਾ ਅਤੇ ਜੋ ਬੱਚੇ ਕੇਂਦਰ ਤੋਂ ਜੇਤੂ ਹੋਣਗੇ ਉਹਨਾਂ ਨੂੰ ਅੰਤਰ-ਰਾਸ਼ਟਰੀ ਵਿਸ਼ਵ ਹੁਨਰ ਮੁਕਾਬਲਿਆਂ ਲਈ ਸ਼ੰਗਾਈ (ਚੀਨ) ਵਿਖੇ ਆਪਣਾ ਹੁਨਰ ਵਿਖਾਉਣ ਦਾ ਮੌਕਾ ਮਿਲੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ