
ਜਲੰਧਰ, 25 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮਹੱਤਵਪੂਰਣ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਰਜਿਸਟ੍ਰੇਸ਼ਨ ਦੀ ਸ਼ੁਰੂਆਤ 8 ਜਨਵਰੀ 2026 ਤੋਂ ਹੋਣ ਜਾ ਰਹੀ ਹੈ, ਜਿਸ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਇੰਪੈਨਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ ਮਿਲੇਗੀ।
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਸਿਵਲ ਸਰਜਨ ਡਾ. ਰਾਜੇਸ਼ ਗਰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਮੈਪਿੰਗ ਸਮੇਤ ਹੋਰ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਵਿਅਕਤੀ ਦਾ ਪੰਜਾਬ ਦਾ ਵਸਨੀਕ ਹੋਣਾ ਜ਼ਰੂਰੀ ਹੈ।
ਕਾਰਡ ਆਪਣੇ ਪਿੰਡ ਜਾਂ ਸ਼ਹਿਰ ਦੇ ਕਿਸੇ ਵੀ ਨੇੜਲੇ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਵਿਖੇ ਬਣਾਏ ਜਾ ਸਕਦੇ ਹਨ ਅਤੇ ਸਕੀਮ ਅਧੀਨ ਰਜਿਸਟਰ ਕਰਨ ਲਈ ਨਿਵਾਸੀ ਕੋਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ ਅਤੇ ਵੋਟਰ ਕਾਰਡ ਹੋਣਾ ਲਾਜ਼ਮੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਯੋਜਨਾ ਦਾ ਲਾਭ ਲੈਣ ਲਈ ਹਰੇਕ ਵਿਅਕਤੀ ਲਈ ਇਹ ਕਾਰਡ ਬਣਾਉਣਾ ਜ਼ਰੂਰੀ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਲਾਭਪਾਤਰੀ ਲਈ ਕਾਰਡ ਬਣਾਉਣ ਲਈ ਆਪਣਾ ਆਧਾਰ ਕਾਰਡ ਅਤੇ ਮਾਪਿਆਂ ਵਿੱਚੋਂ ਕਿਸੇ ਇੱਕ ਦਾ ਵੋਟਰ ਕਾਰਡ ਜਾਂ ਪੰਜਾਬ ਵਿੱਚ ਰਹਿਣ ਵਾਲੇ ਸਰਪ੍ਰਸਤ ਦਾ ਵੋਟਰ ਕਾਰਡ ਲੋੜੀਂਦਾ ਹੋਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ