
ਤਰਨਤਾਰਨ, 26 ਦਸੰਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਸੂਬੇ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ 1,350 ਕਰੋੜ ਦੀ ਲਾਗਤ ਨਾਲ 3,100 ਸਟੇਡੀਅਮ ਬਣਾਏ ਜਾ ਰਹੇ ਹਨ, ਜਿਨ੍ਹਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇੱਕ ਵਿਆਪਕ ਪੈਕੇਜ ਦੀ ਸੁਰੂਆਤ ਕੀਤੀ ਗਈ ਹੈ ਜਿਸ ਵਿੱਚ ਰਾਜ ਭਰ ਵਿੱਚ ਲਗਭਗ 3,000 ਥਾਵਾਂ `ਤੇ ਅਤਿ-ਆਧੁਨਿਕ ਜਿੰਮ ਸਥਾਪਤ ਕਰਨਾ, 50 ਕਰੋੜ ਰੁਪਏ ਦੀ ਲਾਗਤ ਨਾਲ 17,000 ਖੇਡ ਕਿੱਟਾਂ ਦੀ ਵੰਡ, ਇੱਕ ਵਿਆਪਕ ਖੇਡ ਪੋਰਟਲ ਦੀ ਸੁਰੂਆਤ ਅਤੇ 43 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਯੁਵਾ ਭਵਨ ਦੀ ਉਸਾਰੀ ਸਾਮਲ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਮੁੱਖ ਉਦੇਸ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖਤਰੇ ਤੋਂ ਦੂਰ ਰੱਖਣਾ ਹੈ।
ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਨਵੀਂ ਖੇਡ ਨੀਤੀ-2023 ਮੁਤਾਬਕ ਸੂਬੇ ਭਰ ਦੇ ਪਿੰਡਾਂ ਵਿੱਚ ਇਹ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੇਡੀਅਮਾਂ `ਤੇ 1350 ਕਰੋੜ ਰੁਪਏ ਖਰਚ ਕੀਤੇ ਜਾਣਗੇ, ਜਿਨ੍ਹਾਂ ਵਿੱਚ ਚਾਰਦੀਵਾਰੀ, ਗੇਟ, ਜੌਗਿੰਗ ਟਰੈਕ, ਪੱਧਰਾ ਖੇਡ ਦਾ ਮੈਦਾਨ, ਰੁੱਖ, ਵਾਲੀਬਾਲ ਕੋਰਟ, ਸਟੋਰ ਅਤੇ ਹੋਰ ਸਾਮਲ ਹਨ। ਸੰਧੂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 50 ਕਰੋੜ ਰੁਪਏ ਦੀ ਲਾਗਤ ਨਾਲ ਖਿਡਾਰੀਆਂ ਨੂੰ 17000 ਖੇਡ ਕਿੱਟਾਂ ਵੰਡੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ ਵਿੱਚ ਵਾਲੀਬਾਲ ਅਤੇ ਫੁੱਟਬਾਲ (ਹਰੇਕ ਲਈ ਤਿੰਨ ਵਾਲੀਬਾਲ ਅਤੇ ਫੁੱਟਬਾਲ ਅਤੇ ਦੋ ਨੈੱਟ), ਕ੍ਰਿਕਟ ਲਈ ਦੋ ਬੱਲੇ, ਵਿਕਟ, ਛੇ ਟੈਨਿਸ ਗੇਂਦਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ 31 ਮਾਰਚ, 2026 ਤੱਕ ਪਿੰਡਾਂ ਵਿੱਚ 5600 ਖੇਡ ਕਿੱਟਾਂ ਵੰਡਣ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਇੱਕ ਵਿਆਪਕ ਖੇਡ ਪੋਰਟਲ ਸੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡ ਪ੍ਰੇਮੀ ਅਤੇ ਖਿਡਾਰੀ ਇੱਕ ਕਲਿੱਕ ‘ਤੇ ਖਿਡਾਰੀਆਂ ਦੀ ਰਜਿਸਟਰੇਸ਼ਨ, ਆਨਲਾਈਨ ਗ੍ਰੇਡੇਸਨ, ਆਨਲਾਈਨ ਡੀ.ਬੀ.ਟੀ., ਖੇਡ ਸਮਾਗਮ ਕਰਵਾਉਣ, ਗਰਾਊਂਡ ਰਿਜਰਵੇਸਨ, ਈ-ਸਰਟੀਫਿਕੇਟ, ਨਤੀਜੇ ਰਿਕਾਰਡ ਕਰਨ, ਪੈਨਸਨ/ਵਜੀਫੇ ਅਤੇ ਹੋਰ ਸਹੂਲਤਾਂ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ 10,000 ਨੌਜਵਾਨਾਂ ਲਈ ਸੂਬੇ ਦੇ ਨੌਂ ਜੰਗਲੀ ਖੇਤਰਾਂ ਵਿੱਚ ਟ੍ਰੈਕਿੰਗ, ਐਡਵੈਂਚਰ, ਟੀਮ ਐਕਟੀਵਿਟੀ ਕੈਂਪ ਵੀ ਲਗਾਏ ਜਾਣਗੇ। ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸਟੀ ਵਾਲੀ ਗੱਲ ਹੈ ਕਿ ਪੰਜਾਬ ਦੇਸ ਦਾ ਪਹਿਲਾ ਸੂਬਾ ਹੈ ਜਿੱਥੇ ਸਪੋਰਟਸ ਮੈਡੀਸਨ ਕਾਡਰ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸੱਟਾਂ ਨਾਲ ਜੂਝ ਰਹੇ ਖਿਡਾਰੀਆਂ ਦੀ ਦੇਖਭਾਲ ਅਤੇ ਉਨ੍ਹਾਂ ਦੇ ਪ੍ਰਦਰਸਨ ਨੂੰ ਬਿਹਤਰ ਬਣਾਉਣ ਲਈ ਇਸ ਕਾਡਰ ਲਈ 92 ਕਰਮਚਾਰੀਆਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦੇ ਹਰ ਯਤਨ ਦਾ ਉਦੇਸ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸਾ ਵੱਲ ਲਿਜਾਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੇ ਖਤਰੇ ਤੋਂ ਦੂਰ ਰੱਖਿਆ ਜਾ ਸਕੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ