
ਮੋਹਾਲੀ, 27 ਦਸੰਬਰ (ਹਿੰ. ਸ.)। ਸ਼ੈਮਰੌਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-69, ਮੋਹਾਲੀ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਲਾਸਾਨੀ ਕੁਰਬਾਨੀ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਹਾੜੇ ਦੀ ਸ਼ੁਰੂਆਤ ਇੱਕ ਵਿਸ਼ੇਸ਼ ਭਾਸ਼ਣ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਨੂੰ ਵੀਰ ਬਾਲ ਦਿਵਸ ਦੀ ਇਤਿਹਾਸਕ ਮਹੱਤਤਾ ਅਤੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਦਲੇਰੀ ਬਾਰੇ ਜਾਣੂ ਕਰਵਾਇਆ ਗਿਆ।
ਸਕੂਲ ਦੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪਹਿਲੀ ਅਤੇ ਦੂਜੀ ਜਮਾਤ ਦੇ ਨੰਨ੍ਹੇ-ਮੁੰਨੇ ਬੱਚਿਆਂ ਨੂੰ ‘ਚਾਰ ਸਾਹਿਬਜ਼ਾਦੇ’ ਐਨੀਮੇਟਡ ਫ਼ਿਲਮ ਦਿਖਾਈ ਗਈ, ਜਿਸ ਨੂੰ ਦੇਖ ਕੇ ਵਿਦਿਆਰਥੀ ਕਾਫੀ ਪ੍ਰਭਾਵਿਤ ਹੋਏ। ਜਦ ਕਿ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਆਪਣੀ ਕਲਾ ਰਾਹੀਂ ਬਹਾਦਰੀ, ਏਕਤਾ ਅਤੇ ਸ਼ਰਧਾ ਦੇ ਰੰਗ ਬਿਖੇਰੇ। ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਜਮਾਤਾਂ ਲਈ ਕਵਿਤਾ ਉਚਾਰਨ ਮੁਕਾਬਲਾ ਰੱਖਿਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਦੇਸ਼ ਭਗਤੀ ਨਾਲ ਭਰਪੂਰ ਕਵਿਤਾਵਾਂ ਪੇਸ਼ ਕੀਤੀਆਂ। ਇਸੇ ਤਰਾਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਸੀਨੀਅਰ ਵਿਦਿਆਰਥੀਆਂ ਲਈ ਕੁਇਜ਼ ਮੁਕਾਬਲਾ ਅਤੇ ਇੱਕ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਾਵਰਪੁਆਇੰਟ ਪ੍ਰੈਜ਼ੈਂਟੇਸ਼ਨ ਰਾਹੀਂ ਸਿੱਖ ਇਤਿਹਾਸ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਪ੍ਰਰੀਨੀਤ ਸੋਹਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਵਿੱਚ ਆਪਣੇ ਅਮੀਰ ਵਿਰਸੇ ਪ੍ਰਤੀ ਸਤਿਕਾਰ ਪੈਦਾ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਸੇਧ ਲੈਂਦਿਆਂ ਹਮੇਸ਼ਾ ਸੱਚ, ਨਿਡਰਤਾ ਅਤੇ ਨਿਰਸਵਾਰਥ ਸੇਵਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਹ ਸਮਾਗਮ ਵਿਦਿਆਰਥੀਆਂ ਦੇ ਮਨਾਂ ਵਿੱਚ ਦੇਸ਼ ਭਗਤੀ ਅਤੇ ਜਜ਼ਬੇ ਦੀ ਭਾਵਨਾ ਭਰਦਿਆਂ ਸਫ਼ਲਤਾਪੂਰਵਕ ਸੰਪੰਨ ਹੋਇਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ