
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਦਸੰਬਰ (ਹਿੰ. ਸ.)। ਗਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਆਪਣੀ ਨੌਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ, ਚੰਡੀਗੜ੍ਹ ਮੋਹਾਲੀ ਵਿਖੇ 28 ਦਸੰਬਰ ਤੋਂ 30 ਦਸੰਬਰ ਤੱਕ ਕਰਵਾਈ ਜਾ ਰਹੀ ਹੈ, ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਐਮ ਪੀ ਮਾਲਵਿੰਦਰ ਸਿੰਘ ਕੰਗ ਵੱਲੋਂ ਬਾਬਾ ਲਖਵੀਰ ਸਿੰਘ ਨਾਲ ਸਾਂਝੇ ਤੌਰ 'ਤੇ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜਿੱਥੇ ਭਗੀਦਾਰਾਂ ਨੂੰ ਵਧਾਈ ਦਿੱਤੀ ਗਈ, ਉੱਥੇ ਉਹਨਾਂ ਵੱਲੋਂ ਪੰਜਾਬ ਗਤਕਾ ਐਸੋਸੀਏਸ਼ਨ ਨੂੰ ਦੋ ਲੱਖ ਰੁਪਏ ਦੀ ਮਾਲੀ ਸਹਾਇਤਾ ਵੀ ਐਲਾਨ ਕੀਤੀ ਗਈ।
ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਗਤਕਾ ਸਿੱਖਾਂ ਦੀ ਇੱਕ ਰਿਵਾਇਤੀ ਖੇਡ ਹੈ ਅਤੇ ਬੜੇ ਮਾਣ ਵਾਲੀ ਗੱਲ ਹੈ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਕੇ ਇਹ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਉਹਨਾਂ ਇਸ ਮੌਕੇ ਇਸ ਖੇਡ ਨੂੰ ਉੱਚਾ ਚੁੱਕਣ ਦੇ ਲਈ ਬਣਦੀ ਸਹਾਇਤਾ ਦੇਣ ਦਾ ਵੀ ਵਾਅਦਾ ਕੀਤਾ। ਇਸ ਮੌਕੇ ਬਾਬਾ ਲਖਬੀਰ ਸਿੰਘ ਜੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਰਤਵਾੜਾ ਸਾਹਿਬ ਦੀ ਧਰਤੀ 'ਤੇ ਇਹ ਤੀਸਰੀ ਚੈਂਪੀਅਨਸ਼ਿਪ ਹੈ ।
ਸੰਸਥਾ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਪੂਰੇ ਦੇਸ਼ ਵਿਚੋਂ 20 ਰਾਜਾਂ ਦੇ 500 ਖਿਡਾਰੀ (ਲੜਕੇ ਤੇ ਲੜਕੀਆਂ) ਇੱਥੇ ਪਹੁੰਚੇ ਹਨ। ਅੰਡਰ-19, ਅੰਡਰ-25 ਅਤੇ ਅੰਡਰ-30 ਉਮਰ ਵਰਗ ਦੇ ਹੋਣ ਵਾਲੇ ਮੁਕਾਬਲਿਆਂ ਵਿੱਚੋਂ ਜੇਤੂ ਖਿਡਾਰੀਆਂ ਨੂੰ ਮੈਡਲਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਵਾਈਸ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਗਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਕਰਵਾਈ ਗਈ ਇਸ ਚੈਂਪੀਅਨਸ਼ਿਪ ਦੇ ਵਿੱਚ ਜੇਤੂ ਖਿਡਾਰੀਆਂ ਨੂੰ ਖੇਲੋ ਇੰਡੀਆ ਵਿੱਚ ਖੇਡਣ ਦਾ ਮੌਕਾ ਮਿਲੇਗਾ। ਇਸ ਤੋਂ ਪਹਿਲਾਂ ਦੋ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਇਥੇ ਕਰਵਾਈਆਂ ਗਈਆਂ ਸਨ ਅਤੇ ਇਸ ਵਾਰ ਨੈਸ਼ਨਲ ਪੱਧਰ ਦੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ।
ਉਨ੍ਹਾਂ ਸਾਰੇ ਖਿਡਾਰੀਆਂ ਦੀ ਰਿਹਾਇਸ਼ ਅਤੇ ਖਾਣ-ਪੀਣ ਦਾ ਪ੍ਰਬੰਧ ਰਤਵਾੜਾ ਸਾਹਿਬ ਦੀ ਮੈਨੇਜਮੈਂਟ ਵੱਲੋਂ ਕਰਨ ਲਈ ਧੰਨਵਾਦ ਕੀਤਾ। ਉਦਘਾਟਨੀ ਸਮਾਰੋਹ ਦੌਰਾਨ ਖਿਡਾਰੀਆਂ ਵੱਲੋਂ ਮਾਰਚ ਪਾਸ ਕੀਤਾ ਗਿਆ ਅਤੇ ਰਵਾਇਤੀ ਬਾਣੇ ਦੇ ਵਿੱਚ ਗੱਤਕੇ ਦੇ ਜੌਹਰ ਵੀ ਦਿਖਾਏ ਗਏ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ