
ਡੇਰਾਬੱਸੀ, 29 ਦਸੰਬਰ (ਹਿੰ. ਸ.)। ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਿੰਡ ਬਾਕਰਪੁਰ ਟੈਂਕੀ ਵਿਖੇ ਪੀਣ ਵਾਲੇ ਪਾਣੀ ਦੀ ਸੁਵਿਧਾ ਨੂੰ ਹੋਰ ਮਜ਼ਬੂਤ ਬਣਾਉਣ ਲਈ 22 ਲੱਖ 14 ਹਜ਼ਾਰ 800 ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡ ਬਾਕਰਪੁਰ ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਸਾਫ਼ ਅਤੇ ਢੁਕਵੀਂ ਮਾਤਰਾ ਵਿੱਚ ਪੀਣ ਵਾਲਾ ਪਾਣੀ ਉਪਲਬਧ ਹੋਵੇਗਾ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲਾ ਪਾਣੀ ਹਰ ਨਾਗਰਿਕ ਦਾ ਮੂਲ ਅਧਿਕਾਰ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ।
ਰੰਧਾਵਾ ਨੇ ਦੱਸਿਆ ਕਿ ਪਿੰਡ ਬਾਕਰਪੁਰ ਟੈਂਕੀ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਵਧਦੀ ਆਬਾਦੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਟਿਊਬਵੈੱਲ ਬਹੁਤ ਜ਼ਰੂਰੀ ਸੀ। ਇਸ ਪ੍ਰੋਜੈਕਟ ਨਾਲ ਗਰਮੀ ਦੇ ਮੌਸਮ ਦੌਰਾਨ ਪਾਣੀ ਦੀ ਕਮੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਭਵਿੱਖੀ ਲੋੜ ਮੁਤਾਬਕ ਪਾਣੀ ਦੀ ਸਪਲਾਈ ਸੁਚਾਰੂ ਰਹੇਗੀ।
ਇਸ ਮੌਕੇ ਪਿੰਡ ਬਾਕਰਪੁਰ ਦੇ ਸਰਪੰਚ ਧਰਮਪਾਲ ਸਿੰਘ ਸਮੇਤ ਨੇੜਲੇ ਪਿੰਡਾਂ ਦੇ ਸਰਪੰਚ ਅਤੇ ਪੰਚਾਇਤੀ ਨੁਮਾਇੰਦੇ ਵੀ ਮੌਜੂਦ ਰਹੇ। ਪਿੰਡ ਵਾਸੀਆਂ ਵੱਲੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਇਹ ਪ੍ਰੋਜੈਕਟ ਉਨ੍ਹਾਂ ਦੀ ਪਾਣੀ ਦੀ ਲੋੜ ਨੂੰ ਪੂਰਾ ਕਰੇਗਾ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਭਰੋਸਾ ਦਿਵਾਇਆ ਕਿ ਹਲਕਾ ਡੇਰਾਬੱਸੀ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਜਾਰੀ ਰਹਿਣਗੇ ਅਤੇ ਲੋਕ ਭਲਾਈ ਸਰਕਾਰ ਦੀ ਪਹਿਲੀ ਤਰਜੀਹ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ