
ਫਾਜ਼ਿਲਕਾ, 3 ਦਸੰਬਰ (ਹਿੰ. ਸ.)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਫਾਜ਼ਿਲਕਾ ਵੱਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦਾ ਗੌਰਵਮਈ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸੈਨਿਕ ਭਲਾਈ ਦਫਤਰ ਵੱਲੋਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਨੂੰ ਫਲੈਗ ਡੇਅ ਬੈਜ ਲਗਾਇਆ ਗਿਆ।
ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਝੰਡਾ ਦਿਵਸ ਫੰਡ ਵਿੱਚ ਵੱਧ ਤੋ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਝੰਡਾ ਦਿਵਸ ਮੌਕੇ ਇਕੱਤਰ ਰਾਸ਼ੀ ਲੋੜਵੰਦ ਹਥਿਆਰਬੰਦ ਸੈਨਾਵਾਂ ਦੇ ਸ਼ਹੀਦਾਂ ਦੇ ਪਰਿਵਾਰਾਂ, ਸੈਨਿਕ ਵਿਧਵਾਵਾਂ ਦੀ ਸਹਾਇਤਾ ਅਤੇ ਉਨ੍ਹਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਨ ਅਤੇ ਸ਼ਾਨ ਲਈ ਸ਼ਹਾਦਤ ਦੇਣ ਵਾਲੇ ਵੀਰ ਜਵਾਨਾਂ ਦੇ ਪਰਿਵਾਰਾਂ ਦੀ ਮੱਦਦ ਕਰਨਾ ਸਾਡਾ ਫਰਜ਼ ਹੈ, ਜਿਸ ਦੇ ਲਈ ਹਰੇਕ ਨਾਗਰਿਕ ਨੂੰ ਝੰਡਾ ਦਿਵਸ ਫੰਡ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਦੌਰਾਨ ਉਨ੍ਹਾਂ ਫਲੈਗ ਡੇਅ ਫੰਡ ਪੇਟੀ ਵਿਚ ਦਾਨ ਪਾ ਕੇ ਦਾਨ ਇਕੱਤਰ ਕਰਨ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਕਰਮਚਾਰੀਆਂ ਨੇ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਹੋਰ ਸਟਾਫ ਦੇ ਫਲੈਗ ਲਗਾ ਕੇ ਦਾਨ ਰਾਸ਼ੀ ਇਕੱਤਰ ਕੀਤੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ