
ਬਟਾਲਾ, 30 ਦਸੰਬਰ (ਹਿੰ. ਸ.)। ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇ ਚੱਲਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਪੂਰੀ ਕਰਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ-ਸ੍ਰੀ ਹਰਗੋਬਿੰਦਪੁਰ ਸਾਹਿਬ ਰੋਡ ਤੋਂ ਦੌਲਤਪੁਰ ਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਅਤੇ ਮਜ਼ਬੂਤ ਕਰਨ ਦਾ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਬਟਾਲਾ ਵਿਧਾਨ ਸਭਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਇਸ ਕੰਮ ਲਈ ਦਿਨ ਰਾਤ ਲੱਗੇ ਹੋਏ ਹਨ।
ਉਨਾਂ ਨੇ ਕਿਹਾ ਕਿ ਵਿਧਾਨ ਸਭਾ ਹਲਕੇ ਅੰਦਰ ਸਾਫ ਸੁਥਰੀਆਂ ਲਿੰਕ ਸੜਕਾਂ ਦਾ ਜਾਲ ਵਿਛਾਉਣ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ, ਜੋ ਆਉਂਦੇ ਦਿਨਾਂ ਅੰਦਰ ਮੁਕੰਮਲ ਹੋ ਕੇ ਹਲਕੇ ਦੇ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸਹੂਲਤਾਂ ਪ੍ਰਦਾਨ ਹੋਣਗੀਆਂ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਪਾਰਦਰਸ਼ੀ ਢੰਗ ਨਾਲ ਕੰਮ ਕਰਵਾਏ ਜਾ ਰਹੇ ਹਨ। ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਖੇਡ ਮੈਦਾਨ ਬਣਾਏ ਗਏ ਹਨ। ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਏ ਗਏ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਨਿਪਟਾਰਾ ਕੀਤਾ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ