
ਫਰੀਦਕੋਟ, 31 ਦਸੰਬਰ (ਹਿੰ. ਸ.)। ਜ਼ਿਲ੍ਹਾ ਸੈਨਿਕ ਬੋਰਡ ਫਰੀਦਕੋਟ ਦੀ ਤਿਮਾਹੀ ਮੀਟਿੰਗ ਅਸ਼ੋਕ ਚੱਕਰਾ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਹਰਜੋਤ ਕੌਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ।
ਮੀਟਿੰਗ ਦੀ ਸ਼ੁਰੂਆਤ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਸਕੱਤਰ ਜ਼ਿਲ੍ਹਾ ਸੈਨਿਕ ਬੋਰਡ ਫਰੀਦਕੋਟ ਵੱਲੋਂ ਪ੍ਰਧਾਨ ਅਤੇ ਸਾਰੇ ਹਾਜ਼ਰੀਨਾਂ ਦਾ ਸਵਾਗਤ ਅਤੇ ਧੰਨਵਾਦ ਕਰਦੇ ਹੋਏ ਕੀਤੀ ਗਈ। ਉਨ੍ਹਾਂ ਚਾਲੂ ਵਿੱਤੀ ਸਾਲ ਦੌਰਾਨ ਵੰਡੀਆਂ ਗਈਆਂ ਗਰਾਂਟਾਂ ਦਾ ਵੇਰਵਾ ਪੇਸ਼ ਕੀਤਾ ਅਤੇ ਪਿਛਲੀ ਮੀਟਿੰਗ ਵਿੱਚ ਉਠਾਏ ਗਏ ਨੁਕਤਿਆਂ ਸਬੰਧੀ ਉਨ੍ਹਾਂ ਦੇ ਸਮੇਂ-ਸਿਰ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਵਿੱਤੀ ਸਾਲ ਦੌਰਾਨ ਝੰਡਾ ਫੰਡ ਵਿੱਚ ਯੋਗਦਾਨ ਪਾਉਣ ਵਾਲੇ ਦਾਨਦਾਤਾਵਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਵੱਧ-ਚੜ੍ਹ ਕੇ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ।
ਮੀਟਿੰਗ ਦੌਰਾਨ ਉਠਾਏ ਗਏ ਮੁੱਦਿਆਂ ’ਤੇ ਵਿਚਾਰ ਕਰਦੇ ਹੋਏ ਪ੍ਰਧਾਨ ਮੈਡਮ ਹਰਜੋਤ ਕੌਰ ਨੇ ਦਫ਼ਤਰ ਅਤੇ ਸਾਬਕਾ ਸੈਨਿਕਾਂ ਦੀਆਂ ਵਾਜਬ ਮੰਗਾਂ ਨੂੰ ਸੰਵੇਦਨਸ਼ੀਲਤਾ ਨਾਲ ਨਿਪਟਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸਾਰੇ ਦਫ਼ਤਰਾਂ ਨੂੰ ਹਦਾਇਤ ਕੀਤੀ ਕਿ ਆਪਣੇ ਕੰਮਕਾਜ ਲਈ ਆਉਣ ਵਾਲੇ ਸੈਨਿਕਾਂ ਅਤੇ ਸਾਬਕਾ ਸੈਨਿਕਾਂ, ਖ਼ਾਸ ਕਰਕੇ ਵਡੇਰੀ ਉਮਰ ਦੇ ਨਾਗਰਿਕਾਂ ਨਾਲ ਸਤਿਕਾਰ ਅਤੇ ਮਰਿਆਦਾ ਨਾਲ ਪੇਸ਼ ਆਇਆ ਜਾਵੇ। ਇਸ ਤੋਂ ਇਲਾਵਾ, ਹੋਰ ਉਠਾਏ ਗਏ ਮੁੱਦਿਆਂ ’ਤੇ ਸਬੰਧਤ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਬਣਦੀ ਕਾਰਵਾਈ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ