
ਫਾਜ਼ਿਲਕਾ 31 ਦਸੰਬਰ (ਹਿੰ. ਸ.)। ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਐਸਡੀਐਮ/ਆਰਟੀਓ ਫਾਜਿਲਕਾ ਮੈਡਮ ਵੀਰਪਾਲ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਕੀਤੀ ਗਈ।
ਐੱਸ.ਡੀ.ਐਮ/ਆਰਟੀਓ ਮੈਡਮ ਵੀਰਪਾਲ ਕੌਰ ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਫਾਜ਼ਿਲਕਾ ਸਕੂਲਾਂ ਦੀ ਟਰਾਂਸਪੋਰਟ ਦੀ ਚੈਕਿੰਗ ਕਰੇ ਤੇ ਸਕੂਲ ਵੈਨਾਂ ਦੇ ਡਰਾਈਵਰਾਂ ਦੇ ਰੈਗੂਲਰ ਟੈਸਟ ਕਰਵਾਏ ਜਾਣ ਅਤੇ ਇਸ ਸਬੰਧੀ ਰਿਕਾਰਡ ਵੀ ਮੇਨਟੇਨ ਕੀਤਾ ਜਾਵੇ।
ਉਨ੍ਹਾਂ ਟਰੈਫਿਕ ਵਿਭਾਗ ਦੇ ਇੰਚਾਰਜਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵੀ ਯਤਨਸ਼ੀਲ ਰਹਿਣ ਤੇ ਆਉਣ ਜਾਣ ਵਾਲੇ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਵਾ ਸਕੂਲਾਂ ਵਿੱਚ ਸੈਮੀਨਾਰ/ਜਾਗਰੂਕਤਾਂ ਕੈਂਪ ਲਗਾ ਕੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਜਿਵੇਂ ਕਿ ਵਾਹਨ ਦੀ ਸਪੀਡ ਘੱਟ ਰੱਖਣ, ਵਹੀਕਲ ਚਲਾਉਂਦੇ ਸਮੇਂ ਹੈਲਮੇਟ ਦੀ ਵਰਤੋਂ, ਰੈਡ ਲਾਈਟ ਸਮੇਂ ਰੁਕਣਾ, 18 ਸਾਲ ਦੀ ਉਮਰ ਤੋਂ ਬਾਅਦ ਹੀ ਵਹੀਕਲ ਦੀ ਵਰਤੋਂ ਤੇ ਲਾਇਸੰਸ ਬਣਾਉਣ ਆਦਿ ਬਾਰੇ ਪ੍ਰੇਰਿਤ ਕੀਤਾ ਜਾਵੇ। ਇਸ ਤੋਂ ਇਲਾਵਾਂ ਸਕੂਲ ਦੇ ਡਰਾਈਵਰਾਂ ਨੂੰ ਰੋਡ ਸੇਫਟੀ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਧੁੰਧ ਦੇ ਮੌਸਮ ਤੇ ਗੱਡੀਆਂ ਦੇ ਪਿੱਛੇ ਰਿਫਲੈਟਰ ਲਗਾਉਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਾਡੀ ਥੋੜ੍ਹੀ ਜਿਹੀ ਲਾਪ੍ਰਵਾਹੀ ਵੱਡੀ ਦੁਰਘਟਨਾ ਦਾ ਕਾਰਨ ਬਣ ਸਕਦੀ ਹੈ। ਇਸ ਲਈ ਸਾਨੂੰ ਟ੍ਰੈਫਿਕ ਨਿਯਮਾਂ ਨੂੰ ਅਖੋਂ-ਪਰੋਖੇ ਨਹੀਂ ਕਰਨਾ ਚਾਹੀਦਾ।
ਉਨ੍ਹਾਂ ਅੱਗੇ ਕਿਹਾ ਕਿ ਬਲੈਕ ਸਪੋਟਾਂ ਦੀ ਨਿਸ਼ਾਨਦੇਹੀ ਕਰ ਕੇ ਉਨ੍ਹਾਂ ਥਾਵਾਂ ਤੇ ਸਾਈਨ ਬੋਰਡ/ਲਾਈਟਾਂ ਆਦਿ ਲਗਾਏ ਜਾਣਗੇ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ।ਉਨ੍ਹਾਂ ਕਿਹਾ ਕਿ ਸੜਕ ਦੁਰਘਟਨਾਂਵਾਂ ਨੂੰ ਘੱਟ ਕਰਨ ਅਤੇ ਪੀੜਤਾਂ ਦੀ ਜਲਦ ਮੱਦਦ ਲਈ ਪੰਜਾਬ ਸਰਕਾਰ ਵਲੋਂ ਸੜਕ ਸੁਰੱਖਿਆ ਫੋਰਸ ਦਾ ਵੀ ਗਠਨ ਕੀਤਾ ਹੋਇਆ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਸੜਕ ਸੁਰੱਖਿਆਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਪੂਰੀ ਸਾਵਧਾਨੀ ਵਰਤੀ ਜਾਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ