
ਤਰਨ ਤਾਰਨ, 4 ਦਸੰਬਰ (ਹਿੰ. ਸ.)। ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ-2025 ਦੌਰਾਨ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਤੀਜੇ ਦਿਨ ਤੱਕ ਜ਼ਿਲ੍ਹਾ ਪਰਿਸ਼ਦ ਤਰਨ ਤਾਰਨ ਲਈ 39 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ। ਇਸੇ ਤਰ੍ਹਾਂ ਜ਼ਿਲ੍ਹੇ ਦੀਆਂ 9 ਪੰਚਾਇਤ ਸੰਮਤੀਆਂ ਲਈ ਅੱਜ ਤੱਕ 196 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਰਾਹੁਲ ਨੇ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਧਿਕਾਰੀ ਸੀ ਰਾਹੁਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ `ਤੇ ਹੋਵੇਗੀ।
------------------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ