
ਬਰਨਾਲਾ, 5 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਸਹਿਤ ਕਮਿਸ਼ਨਰ ਨਗਰ ਨਿਗਮ ਬਰਨਾਲਾ ਟੀ ਬੈਨਿਥ ਆਈ ਏ ਐੱਸ ਵਲੋਂ ਅੱਜ ਇਥੇ ਨਗਰ ਨਿਗਮ ਦਫ਼ਤਰ ਦਾ ਦੌਰਾ ਕੀਤਾ ਗਿਆ ਅਤੇ ਸਾਰੀਆਂ ਬ੍ਰਾਂਚਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਸਬੰਧਤ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ। ਜਿਹੜੇ ਕਰਮਚਾਰੀ ਗੈਰਹਾਜ਼ਰ ਪਾਏ ਗਏ, ਓਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ। ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੇਟ-ਲਤੀਫੀ ਅਤੇ ਕਿਸੇ ਵੀ ਤਰ੍ਹਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਅੱਜ ਸਵੇਰੇ ਪ੍ਰਾਪਰਟੀ ਟੈਕਸ, ਲਾਇਸੈਂਸ, ਜਨਮ ਮੌਤ ਦਰ, ਬਿਲਡਿੰਗ, ਵਰਕਸ ਆਦਿ ਸ਼ਖਾਵਾਂ ਦਾ ਦੌਰਾ ਕੀਤਾ ਅਤੇ ਕੰਮਕਾਜ ਦਾ ਜਾਇਜ਼ਾ ਲਿਆ। ਓਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਪੇਸ਼ ਨਾ ਆਉਣ ਦਿੱਤੀਆਂ ਜਾਂ ਅਤੇ ਇਨ੍ਹਾਂ ਪ੍ਰੋਜੈਕਟਾਂ 'ਤੇ ਤਰਜੀਹੀ ਅਧਾਰ 'ਤੇ ਕੰਮ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਸਾਰੇ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਕਿ ਲੋਕਾਂ ਨੂੰ ਸਮਾਂਬੱਧ ਅਤੇ ਸੁਚੱਜੇ ਤਰੀਕੇ ਨਾਲ ਸਹੂਲਤਾਂ ਅਤੇ ਸੇਵਾਵਾਂ ਦਿੱਤੀਆਂ ਜਾ ਸਕਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ