
ਬਰਨਾਲਾ, 5 ਦਸੰਬਰ (ਹਿੰ. ਸ.)। ਜ਼ਿਲ੍ਹਾ ਬਰਨਾਲਾ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਅਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਉਨਾਂ ਜ਼ਿਲ੍ਹਾ ਪਰਿਸ਼ਦ ਬਰਨਾਲਾ, ਪੰਚਾਇਤ ਸੰਮਤੀ ਬਰਨਾਲਾ, ਮਹਿਲ ਕਲਾਂ ਅਤੇ ਸਹਿਣਾ ਦੇ ਚੋਣ ਬੂਥਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਬਰਨਾਲਾ ‘ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਹਲਕਿਆਂ ਅਤੇ ਬਲਾਕ ਸੰਮਤੀਆਂ ਦੇ 65 ਹਲਕਿਆਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਚੋਣਾਂ ਨੂੰ ਅਮਨ, ਅਮਾਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੁਤਾਬਕ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਕਿਸੇ ਵੀ ਤਰਾਂ ਦੀ ਅਣਗਿਹਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ 'ਤੇ ਕੜੀ ਨਿਗਰਾਨੀ ਰੱਖਣ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਕਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਇਸ ਮੌਕੇ ਐੱਸ.ਐੱਸ.ਪੀ ਮੁਹੰਮਦ ਸਰਫ਼ਰਾਜ਼ ਆਲਮ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਇਨਾਂ ਚੋਣਾਂ ਨੂੰ ਪੂਰੀ ਤਰਾਂ ਅਮਨ ਅਤੇ ਨਿਰਪੱਖ ਤਰੀਕੇ ਨਾਲ ਕਰਵਾਉਣ ਲਈ ਸਾਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਉਹ ਪੇਸ਼ੇਵਰਾਨਾ ਤਰੀਕੇ ਨਾਲ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਪੂਰੀ ਯਕੀਨੀਕਰਨ ਕਰਵਾਉਣ ਅਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਭੈਅ ਜਾਂ ਦਬਾਅ ਦੇ ਆਪਣੇ ਮਤਦਾਨ ਦਾ ਇਸਤੇਮਾਲ ਕਰਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ