
ਜਲੰਧਰ, 8 ਦਸੰਬਰ (ਹਿੰ. ਸ.)। ਨਗਰ ਨਿਗਮ ਵੱਲੋਂ ਪਿਛਲੇ ਕੁਝ ਮਹੀਨਿਆਂ ਵਿੱਚ ਐਨੀਮਲ ਬਰਥ ਕੰਟਰੋਲ (ਏ.ਬੀ.ਸੀ.) ਪ੍ਰੋਗਰਾਮ ਤਹਿਤ ਵਾਰਡ 10 ਅਤੇ 11 ਵਿੱਚ ਆਵਾਰਾ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਸਫ਼ਲਤਾਪੂਰਵਕ ਪੂਰੀ ਕਰ ਲਈ ਗਈ ਹੈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਐਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਦੋਵਾਂ ਵਾਰਡਾਂ ਵਿੱਚ ਕੁੱਲ 1,017 ਆਵਾਰਾ ਕੁੱਤੇ ਸਟਰਲਾਈਜ਼ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਹੁਣ ਵਾਰਡ ਨੰ. 8 ਅਤੇ 9 ਵਿੱਚ ਸ਼ੁਰੂ ਕੀਤੀ ਗਈ ਹੈ ਅਤੇ ਪ੍ਰਸ਼ਾਸਨ ਦਾ ਉਦੇਸ਼ ਆਵਾਰਾ ਕੁੱਤਿਆਂ ਦੀ ਆਬਾਦੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਲਈ ਇਸ ਪ੍ਰੋਗਰਾਮ ਨੂੰ ਸ਼ਹਿਰ ਦੇ ਹਰੇਕ ਵਾਰਡ ਵਿੱਚ ਲਾਗੂ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਸ਼ਹਿਰ ਦੀਆਂ ਸੜਕਾਂ ਤੋਂ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਤਬਦੀਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਵਿੱਚ 70 ਤੋਂ ਵੱਧ ਬੇਸਹਾਰਾ ਪਸ਼ੂ ਗਊਸ਼ਾਲਾਵਾਂ ਵਿੱਚ ਭੇਜੇ ਗਏ ਹਨ। ਉਨ੍ਹਾਂ ਹੋਰ ਪਸ਼ੂਆਂ ਦੇ ਰੱਖ-ਰਖਾਅ ਲਈ ਨਗਰ ਨਿਗਮ ਅਧਿਕਾਰੀਆਂ ਨੂੰ ਕਰਤਾਰਪੁਰ ਗਊਸ਼ਾਲਾ ਵਿਖੇ ਪੈਂਡਿੰਗ ਕੰਮਾਂ ਅਤੇ ਕੰਨੀਆਂ ਕਲਾਂ ਗਊਸ਼ਾਲਾ ਦੇ ਵਿਸਥਾਰ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਡੇਅਰੀ ਫਾਰਮਰਾਂ ਨੂੰ ਐਸ.ਪੀ.ਸੀ.ਏ. ਦੇ ਲਾਈਫ਼ ਮੈਂਬਰ ਬਣਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਬੇਸਹਾਰਾ ਪਸ਼ੂਆਂ ਨੂੰ ਸੜਕਾਂ 'ਤੇ ਛੱਡਣ ਦੀ ਬਜਾਏ ਪ੍ਰਸ਼ਾਸਨ ਵੱਲੋਂ ਚਲਾਈਆਂ ਜਾਂਦੀਆਂ ਗਊਸ਼ਾਲਾਵਾਂ ਨੂੰ ਸੌਂਪ ਦੇਣ ਦੀ ਅਪੀਲ ਵੀ ਕੀਤੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ