
ਮਾਨਸਾ, 8 ਦਸੰਬਰ (ਹਿੰ. ਸ.)। 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਗਰਾਮ ਪੰਚਾਇਤ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਤੈਨਾਤ 4430 ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ (ਵਾਧੂ ਚਾਰਜ) ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਦੇ 547 ਬੂਥਾਂ 'ਤੇ ਹੋਣ ਵਾਲੀਆਂ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੇਨਿੰਗ ਟੀਮਾਂ ਵੱਲੋਂ ਪੋਲਿੰਗ ਸਟਾਫ ਦੀਆਂ ਜਿੰਮੇਵਾਰੀਆਂ, ਲੋੜੀਂਦੇ ਦਸਤਾਵੇਜ਼, ਪੋਲਿੰਗ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ 11 ਜ਼ੋਨਾਂ ਲਈ, ਪੰਚਾਇਤ ਸੰਮਤੀ ਮਾਨਸਾ ਦੇ 25 ਜ਼ੋਨਾਂ ਲਈ, ਪੰਚਾਇਤ ਸੰਮਤੀ ਸਰਦੂਲਗੜ੍ਹ ਦੇ 15 ਜ਼ੋਨਾਂ ਲਈ, ਪੰਚਾਇਤ ਸੰਮਤੀ ਬੁਢਲਾਡਾ ਦੇ 25 ਜ਼ੋਨਾਂ ਲਈ, ਪੰਚਾਇਤ ਸੰਮਤੀ ਝੁਨੀਰ ਦੇ 21 ਜ਼ੋਨਾਂ ਲਈ ਚੋਣਾਂ ਹੋਣੀਆਂ ਹਨ। ਉਨ੍ਹਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਹਨਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ