
ਲੁਧਿਆਣਾ, 8 ਦਸੰਬਰ (ਹਿੰ. ਸ.)। ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੁਧਿਆਣਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਝੰਡਾ ਫੰਡ ਇਕੱਠਾ ਕਰਨ ਲਈ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਝੰਡਾ ਲਾ ਕੇ ਫੰਡ ਇਕੱਠਾ ਕਰਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਇਹਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ, ਉਪ ਮੰਡਲ ਮੈਜਿਸਟਰੇਟ ਪ੍ਰਦੀਪ ਬੈਂਸ, ਜ਼ਿਲ੍ਹਾ ਮਾਲ ਅਫਸਰ ਗੁਰਜਿੰਦਰ ਸਿੰਘ ਦੇ ਵੀ ਝੰਡਾ ਲਗਾਕੇ ਫੰਡ ਪ੍ਰਾਪਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਪਰਿਵਾਰਾਂ, ਜੰਗ ਦੌਰਾਨ ਜ਼ਖ਼ਮੀ ਫੌਜ ਦੇ ਜਵਾਨਾਂ ਅਤੇ ਸ਼ਹੀਦ ਪਰਿਵਾਰ ਫੰਡ ਲਈ ਵੱਧ-ਚੜ੍ਹ ਕੇ ਦਾਨ ਕਰਨ।
ਹਿਮਾਂਸ਼ੂ ਜੈਨ ਨੇ ਕਿਹਾ ਕਿ ਇਸ ਦਿਨ ਸਮੂਹ ਦੇਸ਼ਵਾਸੀ ਸਾਡੇ ਦੇਸ਼ ਲਈ ਫੌਜ ਦੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਤਹਿਤ ਭਾਰੀ ਮਾਤਰਾ ਵਿੱਚ ਫੰਡ ਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸ਼ਹੀਦਾ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੀ ਜਾਂਦੀ ਹੈ।
ਇਸ ਮੌਕੇ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਇਸ ਸਾਲ ਹਥਿਆਰਬੰਦ ਸੈਨਾ ਝੰਡਾ ਦਿਵਸ 08 ਦਸੰਬਰ ਨੂੰ ਮਨਾਇਆ ਗਿਆ। ਇਸ ਦਿਨ ਸਮੂਹ ਦੇਸ਼ਵਾਸੀ, ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਇਸ ਦਿਨ ਤੇ ਵੱਖ-ਵੱਖ ਲੜਾਈਆਂ/ਓਪਰੇਸ਼ਨਾਂ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖਮੀ ਹੋਏ ਸਾਬਕਾ ਸੈਨਿਕਾਂ ਦੀ ਮੱਦਦ ਲਈ ਦਿਲ ਖੁਲ ਕੇ ਦਾਨ ਦਿੰਦੇ ਹਨ। ਇਸ ਦਿਨ ਮੌਕੇ ਇਕੱਤਰ ਹੋਈ ਰਾਸ਼ੀ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ