ਬਟਾਲਾ, 23 ਸਤੰਬਰ (ਹਿੰ. ਸ.)। ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਿਲ੍ਹੇ ਅੰਦਰ ਪਰਾਲੀ ਨਾ ਸਾੜਨ ਲਈ ਵਿੱਢੀ ਜਾਗਰੂਕਤਾ ਮੁਹਿੰਮ ਤਹਿਤ ਬਟਾਲਾ ਨੇੜਲੇ ਹਾਟ-ਸਪਾਟ ਪਿੰਡ ਮਸਾਣੀਆਂ ਵਿਖੇ ਪਹੁੰਚੇ ਅਤੇ ਕਿਸਾਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਇਸ ਮੌਕੇ ਸੁਹੇਲ ਕਾਸਿਮ ਮੀਰ ਐਸ.ਐਸ.ਪੀ ਬਟਾਲਾ, ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐਮ ਬਟਾਲਾ, ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਸਮੇਤ ਪਿੰਡ ਦੇ ਕਿਸਾਨ ਆਦਿ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ 10 ਅਗਾਂਹਵਧੂ ਕਿਸਾਨਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਵਿਸ਼ੇਸ਼ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮਿੱਟੀ ਦੀ ਸਿਹਤ ਤੰਦਰੁਸਤ ਹੋਵੇਗੀ ਤਾਂ ਪੈਦਾ ਹੋਇਆ ਅਨਾਜ ਵੀ ਮਿਆਰੀ ਹੋਵੇਗਾ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਵਿਚ ਬਹੁਤ ਸਾਰੇ ਖੁਰਾਕੀ ਤੱਤ ਮੌਜੂਦ ਹੁੰਦੇ ਹਨ ਜੋਂ ਅੱਗ ਲੱਗਣ ਕਾਰਨ ਖਤਮ ਹੋ ਜਾਂਦੇ ਹਨ।
ਡਿਪਟੀ ਕਮਿਸ਼ਨਰ ਨੇ ਮਸਾਣੀਆਂ ਅਤੇ ਨੇੜਲੇ ਪਿੰਡਾਂ ਵਿੱਚ ਆਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਮੁਹਿੰਮ ਨੂੰ ਕਾਮਯਾਬ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਵਿੱਚ 'ਪਰਾਲੀ ਪਰੋਟੈਕਸ਼ਨ ਫੋਰਸ'ਦਾ ਗਠਨ ਕੀਤਾ ਗਿਆ ਹੈ, ਜਿਸ ਤਹਿਤ ਇਸ ਟੀਮ ਵਿੱਚ 2/3 ਸਰਕਾਰੀ ਕਰਮਚਾਰੀ ਨਿਯੁਕਤ ਕੀਤੇ ਗਏ ਹਨ, ਜੋ ਪਿੰਡਾਂ ਵਿੱਚ ਜਾ ਕੇ ਕਿਸਾਨਾਂ/ਮੋਹਤਬਰਾਂ ਨਾਲ ਤਾਲਮੇਲ ਕਰਕੇ ਕੰਮ ਕਰਨਗੇ। ਪੂਰੇ ਸ਼ੀਜਨ ਦੌਰਾਨ ਇਹ ਟੀਮ ਵਿੱਚ ਪਿੰਡ ਵਿੱਚ ਰਹੇਗੀ ਤਾਂ ਜੋ ਕਿਸਾਨਾਂ ਨੂੰ ਜੌ ਵੀ ਮੁਸ਼ਕਿਲ ਪੇਸ਼ ਆਵੇ ਉਸਨੂੰ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਫੋਰਸ ਪਿੰਡ ਵਾਸੀਆਂ ਤੇ ਜਿਲ੍ਹਾ ਪ੍ਰਸ਼ਾਸਨ ਵਿੱਚ ਪੁਲ ਦਾ ਕੰਮ ਕਰੇਗੀ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ 5500 ਪਰਾਲੀ ਦੀ ਸੰਭਾਲ ਲਈ ਖੇਤੀ ਮਸ਼ੀਨਰੀ ਉਪਲੱਬਧ ਹੈ, ਜਿਸਦੀ ਮੈਪਿੰਗ ਕਰਕੇ ਪਿੰਡਵਾਈਜ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਇਸ ਵਾਰ ਸਮੂਹਿਕ ਸਾਥ ਨਾਲ ਜਿਲ੍ਹੇ ਗੁਰਦਾਸਪੁਰ ਵਿੱਚ ਪਰਾਲੀ ਨਾ ਸਾੜਨ ਦੀਆਂ ਘਟਨਾਵਾਂ ਨੂੰ ਜੀਰੋ ਕੀਤਾ ਜਾਵੇਗਾ।
ਇਸ ਮੌਕੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ ਕਰਦਿਆਂ ਕਿਸਾਨਾਂ ਨੂੰ ਇੰਨ ਸੀਟੂ ਵਿਧੀ ਰਾਹੀਂ ਕਣਕ ਬੀਜਣ ਅਤੇ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ, ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਸਿਹਤ ਨੂੰ ਮੁੱਖ ਰੱਖਦਿਆਂ ਫਸਲ ਦੀ ਰਹਿੰਦ- ਖੂੰਹਦ ਨੂੰ ਅੱਗ ਨਾ ਲਗਾਉਣ।
ਉਨ੍ਹਾਂ ਅੱਗੇ ਕਿਹਾ ਕਿ ਮਾਣਯੋਗ ਗਰੀਨ ਟ੍ਰਿਬਿਊਨਲ ਅਤੇ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਲੱਗਣ ਦੀ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪੂਰੀ ਮੁਸ਼ਤੈਦੀ ਵਰਤੀ ਜਾ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਅਤੇ ਖੇਤਾਂ ਵਿਚ ਪਰਾਲੀ ਨੂੰ ਸੰਭਾਲਣ ਦੇ ਫ਼ਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਬਸਿਡੀ ਵਾਲੀ ਮਸ਼ੀਨਰੀ ਦੀ ਉਪਲਬਧੀ ਅਤੇ ਕਿਰਾਏ ਸਬੰਧੀ ਲਿਸਟ ਵੀ ਪਿੰਡਾਂ ਵਿੱਚ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਸਬਸਿਡੀ ਵਾਲੀ ਮਸ਼ੀਨਰੀ ਪਿੰਡ ਦੀ ਸਾਂਝੀ ਥਾਂ 'ਤੇ ਰੱਖੀ ਜਾਵੇ ਤਾਂ ਜੋ ਕੋਈ ਵੀ ਕਿਸਾਨ ਉਸ ਦੀ ਕਿਰਾਏ ਤੇ ਵਰਤੋਂ ਕਰ ਸਕੇ।
ਇਸ ਤੋਂ ਪਹਿਲਾਂ ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ ਮਸਾਣੀਆਂ ਨੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਤੇ ਜਿਲ੍ਹਾ ਪ੍ਰਸ਼ਾਸਨ ਦੀ ਟੀਮ ਦਾ ਪਿੰਡ ਮਸਾਣੀਆਂ ਵਿਖੇ ਪਹੁੰਚਣ 'ਤੇ ਧੰਨਵਾਦ ਕਰਦਿਆਂ ਪਿੰਡਵਾਸੀਆਂ ਵਲੋਂ ਪਰਾਲੀ ਨਾ ਸਾੜਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਉਨ੍ਹਾਂ ਪਰਾਲੀ ਦਾ ਸੰਭਾਲ ਲਈ ਬੇਲਰ ਉਪਲੱਬਧ ਕਰਵਾਉਣ ਸਮੇਤ ਲੋਂੜੀਦੀ ਖੇਤੀਬਾੜੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਕਿਹਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤੇ ਗਏ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ