ਜਲਾਲਾਬਾਦ 23 ਸਤੰਬਰ (ਹਿੰ. ਸ.)। ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਹੜ੍ਹ ਪ੍ਰਭਾਵਿਤ ਖੇਤਰ ਢਾਣੀ ਨੱਥਾ ਸਿੰਘ ਅਤੇ ਢਾਣੀ ਫੂੱਲਾ ਸਿੰਘ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ ਜਿਨ੍ਹਾਂ ਨੂੰ ਜਲਦ ਤੋਂ ਜਲਦ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਕਿਸਾਨਾਂ, ਪਸ਼ੂ ਪਾਲਕਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਵੱਲੋਂ ਮੁਆਵਜਾ ਦਵਾਇਆ ਜਾ ਸਕੇ।
ਦੌਰੇ ਦੌਰਾਨ ਵਿਧਾਇਕ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਵਚਨਬੱਧ ਹੈ ਜਿਸ ਤਹਿਤ ਅਧਿਕਾਰੀਆਂ ਵੱਲੋਂ ਗਿਰਦਾਵਰੀ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ, ਮਕਾਨਾਂ ਤੇ ਪਸ਼ੂ ਪਾਲਕਾਂ ਦੇ ਪਸ਼ੂਆਂ ਦਾ ਜੋ ਵੀ ਨੁਕਸਾਨ ਹੋਇਆ ਸਭ ਦਾ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਤੀ ਏਕੜ ਜਮੀਨ ਦਾ ਮੁਆਵਜਾ ਵੀ ਵਧਾਇਆ ਗਿਆ ਹੈ, ਇਸੇ ਤਰ੍ਹਾਂ ਮਕਾਨਾਂ ਦੇ ਮੁਆਵਜੇ ਦੀ ਰਾਸ਼ੀ ਵੀ ਐਲਾਨੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਤੋਂ ਬਾਅਦ ਲੋਕਾਂ ਨੂੰ ਸਿਹਤ ਪੱਖੋਂ ਬਿਮਾਰੀਆਂ ਮੁਕਤ ਰੱਖਣ ਲਈ ਵੀ ਅਗੇਤਰੀ ਤਿਆਰੀਆਂ ਕੀਤੀਆਂ ਗਈਆਂ ਹਨ, ਪਿੰਡਾਂ ਤੇ ਢਾਣੀਆਂ ਵਿਚ ਸਿਹਤ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਮੈਡੀਕਲ ਕੈਂਪ ਲਗਾ ਕੇ ਲੋਕਾਂ ਅਤੇ ਪਸ਼ੂਆਂ ਦਾ ਚੈਕਅਪ ਕੀਤਾ ਜਾ ਰਿਹਾ ਹੈ ਤਾਂ ਜੋ ਚਮੜੀ ਆਦਿ ਬਿਮਾਰੀਆਂ ਤੋਂ ਲੋਕਾਂ ਤੇ ਬੇਜੁਬਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਇਹ ਵੀ ਪਾਣੀ ਆਦਿ ਦੀ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਲਗਾਤਾਰ ਦਵਾਈਆਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ, ਡੇਂਗੂ, ਮਲੇਰੀਆ ਆਦਿ ਦੀ ਰੋਕਥਾਮ ਲਈ ਲਗਾਤਾਰ ਟੀਮਾਂ ਵੱਲੋਂ ਫੋਗਿੰਗ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ